ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਬਿੱਲ ’ਤੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਗੰਭੀਰ ਮੁੱਦਾ ਹੈ, ਜਿਸ ’ਤੇ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਵੀ ਮੈਂ ਕਿਹਾ ਸੀ ਕਿ ਮੈਨੂੰ ਨਹੀਂ ਲੱਗਦਾ ਕਿ ਕੋਈ ਇਸ ਬਿੱਲ ਦਾ ਵਿਰੋਧ ਕਰੇਗਾ।
ਵਰਨਣਯੋਗ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇਕ ਕਾਪੀ ਵਿਧਾਨ ਸਭਾ ਵਿਚ ਹੈ ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ।