ਭਾਜਪਾ ਦੇ ਨਵ- ਨਿਯੁਕਤ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ


ਅੰਮ੍ਰਿਤਸਰ, 19 ਜੁਲਾਈ (ਜਸਵੰਤ ਸਿੰਘ ਜੱਸ)- ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਅੱਜ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਤਰੁਣ ਚੁੱਘ, ਸਾਬਕਾ ਸਾਂਸਦ ਸ਼ਵੇਤ ਮਲਿਕ ਤੇ ਮਨਪ੍ਰੀਤ ਸਿੰਘ ਬਾਦਲ ਤੇ ਹੋਰ ਭਾਜਪਾ ਆਗੂਆਂ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਦਰਸ਼ਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਂ ਅੱਜ ਪੰਜਾਬ ਅਤੇ ਦੇਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਭਰ ਵਿਚ ਵਸਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਅਥਾਹ ਸ਼ਰਧਾ ਦਾ ਕੇਂਦਰ ਹੈ ਪਰ ਕਈ ਦਿਨਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਸੰਬੰਧੀ ਕਿਸੇ ਵਿਅਕਤੀ ਵਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਪਰ ਸੱਤਾ ਦੇ ਨਸ਼ੇ ਵਿਚ ਚੂਰ ਪੰਜਾਬ ਸਰਕਾਰ ਅਜੇ ਤੱਕ ਦੋਸ਼ੀਆਂ ਦਾ ਪਤਾ ਲਾਉਣ ਵਿਚ ਅਸਮਰੱਥ ਰਹੀ ਹੈ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਹੰਕਾਰ ਛੱਡ ਕੇ ਮੋਦੀ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਤੋਂ ਮਦਦ ਲੈਣੀ ਚਾਹੀਦੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੇ ਕਿਹਾ ਕਿ ਸਭਨਾਂ ਲਈ ਆਸਥਾ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਿਲ ਰਹੀਆਂ ਧਮਕੀਆਂ ਅਤੇ ਸੁਰੱਖਿਆ ਦੇ ਮਾਮਲੇ ਨੂੰ ਆਮ ਆਦਮੀ ਪਾਰਟੀ ਸਰਕਾਰ ਸੱਤਾ ਦੇ ਨਸ਼ੇ ਵਿਚ ਹਲਕੇ ਪੱਧਰ ’ਤੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਇਸ ਪਾਵਨ ਅਸਥਾਨ ਲਈ ਸਮਾਂ ਹੀ ਨਹੀਂ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਿਲ ਰਹੀਆਂ ਧਮਕੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਫੜ ਲੈਣ ਦਾ ਡਰਾਮਾ ਕਰ ਰਹੀ ਹੈ ਜਦੋਂ ਕਿ ਅਜੇ ਵੀ ਰੋਜ਼ ਧਮਕੀਆਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਪਹਿਲੇ ਦਿਨ ਹੀ ਇਹ ਮਾਮਲਾ ਸਾਹਮਣੇ ਆਇਆ ਸੀ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੇ ਉਸੇ ਦਿਨ ਪਾਰਟੀ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਕੋਲ ਭੇਜ ਕੇ ਇਸ ਪਾਵਨ ਅਸਥਾਨ ਵਿਖੇ ਲੋੜੀਂਦੀ ਸੁਰੱਖਿਆ ਸੰਬੰਧੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ। ਪਰ ਪੰਜਾਬ ਸਰਕਾਰ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਨਾਕਾਮ ਸਿੱਧ ਹੋਈ ਹੈ। ਇਸ ਮੌਕੇ ਭਾਜਪਾ ਦੇ ਸਥਾਨਕ ਆਗੂਆਂ ਵਿਚ ਹਰਜਿੰਦਰ ਸਿੰਘ ਠੇਕੇਦਾਰ ਗੁਰਪ੍ਰਤਾਪ ਸਿੰਘ ਟਿੱਕਾ, ਰਵੀ ਕਰਨ ਸਿੰਘ ਕਾਹਲੋ, ਅਜੇਬੀਰਪਾਲ ਸਿੰਘ ਰੰਧਾਵਾ ਇੰਦਰਜੀਤ ਸਿੰਘ ਬਾਸਰਕੇ ਵੀ ਹਾਜ਼ਰ ਸਨ।