ਚੋਣ ਕਮਿਸ਼ਨ ਨੇ ਉਪ-ਰਾਸ਼ਟਰਪਤੀ ਦੀ ਚੋਣ ਲਈ ਤਿਆਰੀਆਂ ਕੀਤੀਆਂ ਸ਼ੁਰੂ

ਨਵੀਂ ਦਿੱਲੀ, 23 ਅਪ੍ਰੈਲ- ਭਾਰਤ ਦੇ ਚੋਣ ਕਮਿਸ਼ਨ ਨੇ ਉਪ-ਰਾਸ਼ਟਰਪਤੀ ਚੋਣਾਂ, 2025 ਨਾਲ ਸੰਬੰਧਿਤ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤ ਦੇ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਤਿਆਰੀ ਦੀਆਂ ਗਤੀਵਿਧੀਆਂ ਪੂਰੀਆਂ ਹੋਣ ’ਤੇ, ਭਾਰਤ ਦੇ ਉਪ-ਰਾਸ਼ਟਰਪਤੀ ਦੇ ਦਫ਼ਤਰ ਨੂੰ ਚੋਣ ਸਮਾਂ-ਸਾਰਣੀ ਦਾ ਐਲਾਨ ਜਲਦੀ ਤੋਂ ਜਲਦੀ ਕੀਤਾ ਜਾਵੇਗਾ। ਇਸ ਸੰਬੰਧੀ ਚੋਣ ਕਮਿਸ਼ਨ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਸੀ। ਉਹ 74 ਸਾਲ ਦੇ ਹਨ ਤੇ ਉਨ੍ਹਾਂ ਕਾਰਜਕਾਲ 10 ਅਗਸਤ 2027 ਤੱਕ ਸੀ।
ਰਾਸ਼ਟਰਪਤੀ ਨੂੰ ਲਿਖੇ ਇਕ ਪੱਤਰ ਵਿਚ, ਉਨ੍ਹਾਂ ਨੇ ਲਿਖਿਆ ਸੀ ਕਿ ਸਿਹਤ ਨੂੰ ਪਹਿਲ ਦਿੰਦੇ ਹੋਏ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਦੇ ਹੋਏ, ਮੈਂ ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।
ਪੱਤਰ ਵਿਚ, ਉਨ੍ਹਾਂ ਨੇ ਰਾਸ਼ਟਰਪਤੀ ਦਾ ਉਨ੍ਹਾਂ ਦੇ ਸਹਿਯੋਗ ਅਤੇ ਸੁਹਿਰਦ ਸੰਬੰਧਾਂ ਲਈ ਧੰਨਵਾਦ ਕੀਤਾ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੈਬਨਿਟ ਦਾ ਵੀ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ ਸੀ।