ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 26 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਕ ਤਰ੍ਹਾਂ ਨਾਲ ਮਾਨਤਾ ਦਿੰਦਿਆਂ ਅੱਜ ਸ੍ਰੀ ਦਰਬਾਰ ਸਾਹਿਬ ਸਥਿਤ ਆਪਣੀ ਰਿਹਾਇਸ਼ ਵਿਖੇ ਸੱਦ ਕੇ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਦਿੱਤਾ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦਿੱਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਤਿਹਾਸ ਅੰਦਰ ਹਮੇਸ਼ਾ ਹੀ ਬਾਬਾ ਬੁੱਢਾ ਜੀ ਦੀ ਸਤਿਕਾਰਤ ਪਦਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਅਤੇ ਭਾਈ ਗੁਰਦਾਸ ਜੀ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਰਹੇ, ਵਿਚਕਾਰ ਆਪਸੀ ਤਾਲਮੇਲ, ਸਹਿਯੋਗ ਅਤੇ ਇਕ-ਦੂਜੇ ਪ੍ਰਤੀ ਪੂਰਨ ਸਤਿਕਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਗਿਆਨੀ ਗੜਗੱਜ ਨੂੰ ਹਮੇਸ਼ਾ ਹੀ ਹਰ ਪੱਧਰ ਉੱਤੇ ਸਹਿਯੋਗ ਅਤੇ ਸਾਥ ਦੇਣਗੇ ਤਾਂ ਜੋ ਸਮੁੱਚੇ ਪੰਥਕ ਕਾਰਜ ਕੌਮੀ ਇਕਜੁੱਟਤਾ ਦੀ ਭਾਵਨਾ ਨਾਲ ਹੁੰਦੇ ਰਹਿਣ। ਇਸ ਦੌਰਾਨ ਤਿੰਨੋਂ ਸਿੰਘ ਸਾਹਿਬਾਨ ਦੇ ਵਿਚਕਾਰ ਪੰਥਕ ਅਤੇ ਧਾਰਮਿਕ ਸਰੋਕਾਰਾਂ ਪ੍ਰਤੀ ਵਿਚਾਰ-ਵਟਾਂਦਰਾ ਵੀ ਹੋਇਆ। ਜਥੇਦਾਰ ਗੜਗੱਜ ਨੇ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਦਾ ਧੰਨਵਾਦ ਕੀਤਾ।