JALANDHAR WEATHER

ਦੋਸ਼ੀਆਂ ਦੇ ਫੜੇ ਜਾਣ ਤੱਕ ਮ੍ਰਿਤਕ ਟਰੱਕ ਡਰਾਈਵਰਾਂ ਦੇ ਪਰਿਵਾਰਾਂ ਵਲੋਂ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ

ਪਾਤੜਾਂ (ਪਟਿਆਲਾ), 26 ਜੁਲਾਈ (ਗੁਰਇਕਬਾਲ ਸਿੰਘ ਖ਼ਾਲਸਾ) - ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਨਿਆਲ ਦੇ ਟਰੱਕ ਡਰਾਈਵਰ ਅਤੇ ਕਲੀਨਰ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਸੀ, ਜਿਸ ਉਪਰੰਤ ਅੱਜ ਮ੍ਰਿਤਕ ਦਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰੱਖ ਕੇ ਦੋਸ਼ੀਆਂ 'ਤੇ ਕਾਰਵਾਈ ਹੋਣ ਤੱਕ ਸਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਕੱਲ੍ਹ ਦੇਰ ਸ਼ਾਮ ਪੀੜਿਤ ਪਰਿਵਾਰਾਂ ਦੇ ਮੈਂਬਰਾਂ ਅਤੇ ਪਿੰਡ ਦੀ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਸਦਰ ਥਾਣਾ ਪਾਤੜਾਂ ਪਹੁੰਚ ਕੇ ਉਕਤ ਦੋਸ਼ੀ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਸੰਬੰਧੀ ਥਾਣਾ ਮੁਖੀ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਵਲੋਂ ਪੀੜਤ ਪਰਿਵਾਰਾਂ ਦੇ ਮੈਂਬਰਾਂ ਦੇ ਬਿਆਨਾਂ ਅਨੁਸਾਰ ਉਕਤ ਦੋਸ਼ੀ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਸੀ।
ਮ੍ਰਿਤਕ ਦਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਦਰ ਥਾਣਾ ਪਾਤੜਾਂ ਦੇ ਐਸਐਚਓ ਰਮਿੰਦਰ ਸਿੰਘ ਵਲੋਂ ਪਿੰਡ ਪਹੁੰਚ ਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਕਿਹਾ ਗਿਆ ਕਿ ਤੁਸੀਂ ਮ੍ਰਿਤਕ ਦੇਹਾਂ ਦਾ ਅੰਤਿਮ ਸੰਸਕਾਰ ਕਰ ਦੇਵੋ, ਜਿਸ 'ਤੇ ਦੋਵੇਂ ਪਰਿਵਾਰਕ ਮੈਂਬਰਾਂ ਅਤੇ ਕਾਰਵਾਈ ਸੰਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਇਲਾਵਾ ਸਮੁੱਚੇ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਕੱਲ੍ਹ ਐਤਵਾਰ 11 ਵਜੇ ਤੱਕ ਉਕਤ ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਤੇ ਕਿਹਾ ਗਿਆ ਕਿ ਜੇਕਰ ਉਕਤ ਸਮੇਂ ਤੱਕ ਪੁਲਿਸ ਵਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਸਮੁੱਚੇ ਪਿੰਡ ਵਾਸੀਆਂ ਵਲੋਂ ਦੋਵੇਂ ਮ੍ਰਿਤਕ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੁਲਿਸ ਅਧਿਕਾਰੀਆਂ ਦੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ