ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ, 1 ਅਗਸਤ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਮੋਹਾਲੀ ਅਦਾਲਤ ਵਿਚ ਸੁਣਵਾਈ ਹੋਣੀ ਹੈ। ਦੋਵਾਂ ਧਿਰਾਂ ਵਲੋਂ ਅੱਜ ਮੁੜ ਬਹਿਸ ਕੀਤੀ ਜਾਵੇਗੀ। ਪਿਛਲੀ ਸੁਣਵਾਈ ’ਤੇ ਲਗਭਗ ਸਾਢੇ ਚਾਰ ਘੰਟੇ ਬਹਿਸ ਚੱਲੀ ਸੀ। ਮੰਨਿਆ ਜਾ ਰਿਹਾ ਹੈ ਕਿ ਪਟੀਸ਼ਨ ’ਤੇ ਫੈਸਲਾ ਅੱਜ ਹੀ ਲਿਆ ਜਾ ਸਕਦਾ ਹੈ।
ਦੂਜੇ ਪਾਸੇ, ਅੰਮ੍ਰਿਤਸਰ ਵਿਚ ਮਜੀਠੀਆ ਅਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਕੰਮ ਵਿਚ ਰੁਕਾਵਟ ਪਾਉਣ ਸਮੇਤ ਇਕ ਹੋਰ ਐਫ਼.ਆਈ.ਆਰ. ਦਰਜ ਕੀਤੀ ਗਈ ਹੈ। ਇਸ ’ਤੇ ਅਕਾਲੀ ਦਲ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਦੇ ਮਾਮਲਿਆਂ ਵਿਚ ਕੁਝ ਨਹੀਂ ਕਰ ਸਕੀ ਹੈ। ਅਜਿਹੀ ਸਥਿਤੀ ਵਿਚ, ਨਵਾਂ ਕੇਸ ਦਰਜ ਕਰਕੇ ਮਾਮਲੇ ਨੂੰ ਗੁੰਝਲਦਾਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ’ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ।
ਜਿਸ ਵਿਚ ਹੁਣ ਤੱਕ ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਅਤੇ ਈ.ਡੀ. ਦੇ ਸਾਬਕਾ ਡਿਪਟੀ ਡਾਇਰੈਕਟਰ ਸਮੇਤ 6 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਪੰਜਾਬ, ਹਿਮਾਚਲ, ਦਿੱਲੀ ਅਤੇ ਯੂ.ਪੀ. ਵਿਚ ਮਜੀਠੀਆ ਦੀਆਂ ਜਾਇਦਾਦਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਸ ਕੋਲ ਠੋਸ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇ-ਬੁਨਿਆਦ ਮਾਮਲਾ ਦੱਸ ਰਹੇ ਹਨ।