ਨਸ਼ੀਲੀਆਂ ਗੋਲੀਆਂ ਸਮੇਤ 5 ਨਸ਼ਾ ਤਸਕਰ ਕਾਬੂ
ਜਲੰਧਰ, 1 ਅਗਸਤ- ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਨੇ 5 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਦੱਸਿਆ ਕਿ ਚੌਕੀ ਇੰਚਾਰਜ ਅੱਪਰਾ ਦੇ ਏ.ਐਸ.ਆਈ. ਸੁਖਦੇਵ ਸਿੰਘ ਨੇ ਕਾਰਵਾਈ ਕਰਦੇ ਹੋਏ 5 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਅਵਤਾਰ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਖਾਨਪੁਰ ਜ਼ਿਲ੍ਹਾ ਜਲੰਧਰ, ਸੁਖਵਿੰਦਰ ਉਰਫ਼ ਭੀਖੂ ਪੁੱਤਰ ਜਸਮੇਲ ਲਾਲ ਵਾਸੀ ਖਾਨਪੁਰ ਜ਼ਿਲ੍ਹਾ ਜਲੰਧਰ ਦੇ ਕਬਜ਼ੇ ਵਿਚੋਂ 167 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਦੋਸ਼ੀਆਂ ਵਿਰੁੱਧ ਫਿਲੌਰ ਥਾਣੇ ਵਿਚ ਮੁਕੱਦਮਾ ਨੰਬਰ 242 ਮਿਤੀ 30.07.2025 ਧਾਰਾ 22/29-61-85 ਐਨ.ਡੀ.ਪੀ.ਐਸ. ਐਕਟ ਦਰਜ ਕੀਤਾ ਗਿਆ ਸੀ।
ਦੋਵਾਂ ਮੁਲਜ਼ਮਾਂ ਤੋਂ ਮੁੱਢਲੀ ਪੁਛਗਿੱਛ ਤੋਂ ਪਤਾ ਲੱਗਿਆ ਕਿ ਦੋਵਾਂ ਨੇ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਜ਼ਿਲ੍ਹਾ ਜਲੰਧਰ ਅਤੇ ਸੁਖਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਨੂੰ ਨਸ਼ੀਲੀਆਂ ਗੋਲੀਆਂ ਵੇਚੀਆਂ ਸਨ। ਜਿਸ ਤੋਂ ਬਾਅਦ ਹਰਪ੍ਰੀਤ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ। ਇਸ ਦੌਰਾਨ ਹਰਪ੍ਰੀਤ ਸਿੰਘ ਤੋਂ ਕੁੱਲ 128 ਨਸ਼ੀਲੀਆਂ ਗੋਲੀਆਂ ਅਤੇ ਸੁਖਵਿੰਦਰ ਸਿੰਘ ਤੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਸੁਖਵਿੰਦਰ ਸਿੰਘ ਨੇ ਪੁਛਗਿੱਛ ਦੌਰਾਨ ਦੱਸਿਆ ਕਿ ਉਹ ਇਹ ਨਸ਼ੀਲੀਆਂ ਗੋਲੀਆਂ ਮਨਪ੍ਰੀਤ ਸਿੰਘ ਉਰਫ਼ ਲਾਡੀ ਨੂੰ ਅੱਗੇ ਸਪਲਾਈ ਕਰਦਾ ਹੈ। ਇਸ ਲਈ ਮਾਮਲੇ ਵਿਚ ਮਨਪ੍ਰੀਤ ਸਿੰਘ ਉਰਫ਼ ਲਾਡੀ ਦਾ ਨਾਮ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ। ਇਸ ਤਰ੍ਹਾਂ ਕੁੱਲ 995 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ, ਇਹ ਤਿੰਨੋਂ ਥਾਣਾ ਮਹਿਤਪੁਰ ਨੇੜੇ ਪਿੰਡ ਵੇਹਰਾ ਦੇ ਰਹਿਣ ਵਾਲੇ ਸੰਗਰਾਮ ਸਿੰਘ ਤੋਂ ਨਸ਼ੀਲੀਆਂ ਗੋਲੀਆਂ ਲਿਆਉਂਦੇ ਸਨ ਅਤੇ ਉਨ੍ਹਾਂ ਨੂੰ ਅੱਪਰਾ ਅਤੇ ਲਸਾੜਾ ਖੇਤਰ ਵਿਚ ਵੇਚਦੇ ਸਨ। ਸੰਗਰਾਮ ਸਿੰਘ ਨੂੰ ਵੀ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਵਲੋਂ ਨਸ਼ੀਲੀਆਂ ਚੀਜ਼ਾਂ ਵੇਚ ਕੇ ਬਣਾਈ ਗਈ ਚੱਲ ਅਤੇ ਅਚੱਲ ਜਾਇਦਾਦ ਦੀ ਜਾਂਚ ਕਰਨ ਤੋਂ ਬਾਅਦ ਵੱਖਰੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਕ ਚਿੱਟੀ ਸਵਿਫਟ ਕਾਰ ਤੇ ਇਕ ਮੋਟਰਸਾਈਕਲ ਬਰਾਮਦ ਕੀਤੀ ਗਈ ਹੈ। ਇਨ੍ਹਾਂ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।