ਮੌਨਸੂਨ ਇਜਲਾਸ: ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੇ ਰਾਜ ਸਭਾ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

ਨਵੀਂ ਦਿੱਲੀ, 4 ਅਗਸਤ- ਅੱਜ ਸੰਸਦ ਦੇ ਮੌਨਸੂਨ ਇਜਲਾਸ ਦਾ 11ਵਾਂ ਦਿਨ ਹੈ। ਦੋਵਾਂ ਸਦਨਾਂ ਵਿਚ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋ ਗਈ ਸੀ ਪਰ ਲੋਕ ਸਭਾ ਵਿਚ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ, ਵਿਰੋਧੀ ਧਿਰ ਨੇ ਬਿਹਾਰ ਵਿਚ ਵੋਟਰ ਸੂਚੀ ਸੋਧ ਦੇ ਮੁੱਦੇ ’ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੇ ਨਾਲ ਹੀ ਰਾਜ ਸਭਾ ਵਿਚ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ, ਮੌਜੂਦਾ ਸੰਸਦ ਮੈਂਬਰ ਸ਼ਿਬੂ ਸੋਰੇਨ ਨੂੰ ਉਨ੍ਹਾਂ ਦੇ ਦਿਹਾਂਤ ’ਤੇ ਸ਼ਰਧਾਂਜਲੀ ਦਿੱਤੀ ਗਈ। ਸੰਸਦ ਮੈਂਬਰਾਂ ਨੇ ਉਨ੍ਹਾਂ ਦੇ ਸਨਮਾਨ ਵਿਚ ਮੌਨ ਰੱਖਿਆ। ਇਸ ਤੋਂ ਬਾਅਦ, ਚੇਅਰਮੈਨ ਹਰਿਵੰਸ਼ ਨਾਰਾਇਣ ਸਿੰਘ ਨੇ ਮੰਗਲਵਾਰ ਸਵੇਰੇ 11 ਵਜੇ ਤੱਕ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ।
ਰਾਜ ਸਭਾ ਵਿਚ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 13 ਅਗਸਤ ਤੋਂ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਨੂੰ ਛੇ ਹੋਰ ਮਹੀਨਿਆਂ ਲਈ ਵਧਾਉਣ ਦਾ ਪ੍ਰਸਤਾਵ ਪੇਸ਼ ਕਰਨਾ ਸੀ। ਇਸ ਪ੍ਰਸਤਾਵ ਨੂੰ ਲੋਕ ਸਭਾ ਨੇ 30 ਜੁਲਾਈ ਨੂੰ ਮਨਜ਼ੂਰੀ ਦੇ ਦਿੱਤੀ ਹੈ।