ਸਰੂਪ ਚੰਦ ਸਿੰਗਲਾ ਦੂਜੀ ਵਾਰ ਭਾਜਪਾ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ)-ਭਾਰਤੀ ਜਨਤਾ ਪਾਰਟੀ ਵਲੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਦੂਸਰੀ ਵਾਰ ਬਠਿੰਡਾ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਅੱਜ ਬਠਿੰਡਾ ਵਿਚ ਹੋਏ ਚੋਣ ਇਜਲਾਸ ਦੌਰਾਨ ਚੋਣ ਅਧਿਕਾਰੀ ਰਿਸ਼ੀ ਕੁਮਾਰ ਅਤੇ ਆਬਜ਼ਰਵਰ ਜੀਵਨ ਗੁਪਤਾ ਦੀ ਅਗਵਾਈ ਹੇਠ ਹੋਈ ਚੋਣ ਦੌਰਾਨ ਸਰੂਪ ਚੰਦ ਸਿੰਗਲਾ ਨੂੰ ਮੁੜ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਗਿਆ। ਸਿੰਗਲਾ ਦੀ ਅਗਵਾਈ ਹੇਠ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਪਹਿਲੀ ਵਾਰ ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਵਿਚ ਪਹਿਲੇ ਸਥਾਨ 'ਤੇ ਰਹੀ ਸੀ।