ਜਲਦ ਸ਼ੁਰੂ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ



ਅੰਮ੍ਰਿਤਸਰ, 5 ਅਗਸਤ, (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਜਾ ਰਿਹਾ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਬਾਅਦ ਦੁਪਹਿਰ 1 ਵਜੇ ਸ਼ੁਰੂ ਹੋਣ ਵਾਲੇ ਇਸ ਇਜਲਾਸ ਦੌਰਾਨ ਤਖਤ ਸਾਹਿਬਾਨ ਦਰਮਿਆਨ ਤਾਲਮੇਲ ਬਰਕਰਾਰ ਰੱਖਣ ਸੰਬੰਧੀ ਅਤੇ ਹੋਰ ਪੰਥਕ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਪੈਦਾ ਹੋਏ ਵਿਵਾਦ ਨੂੰ ਲੈ ਕੇ ਰੱਖਣ ਦਾ ਐਲਾਨ ਕੀਤਾ ਗਿਆ ਸੀ। ਹੁਣ ਉਕਤ ਵਿਵਾਦ ਭਾਵੇਂ ਖਤਮ ਹੋ ਚੁੱਕਾ ਹੈ ਪਰ ਭਵਿੱਖ ਵਿਚ ਤਖਤ ਸਾਹਿਬਾਨ ਦਰਮਿਆਨ ਤਾਲਮੇਲ ਬਰਕਰਾਰ ਰੱਖਣ ਸੰਬੰਧੀ ਕੋਈ ਅਹਿਮ ਮਤਾ ਪਾਸ ਕੀਤਾ ਜਾ ਸਕਦਾ ਹੈ।
ਇਸੇ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਅਕਾਲੀ ਦਲ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ 11 ਅਗਸਤ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਜਲਾਸ ਸੱਦਣ ਲਈ ਮੰਗੀ ਪ੍ਰਵਾਨਗੀ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਅਜੇ ਤੱਕ ਧਾਰੀ ਚੁੱਪ ਨੂੰ ਲੈ ਕੇ ਵੀ ਵਿਰੋਧ ਕੀਤਾ ਜਾ ਸਕਦਾ ਹੈ।
ਅੱਜ ਦੇ ਵਿਸ਼ੇਸ਼ ਇਜਲਾਸ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ ਸਮੇਤ ਹੋਰ ਮੈਂਬਰ ਸਾਹਿਬਾਨ ਪੁੱਜ ਗਏ ਹਨ ਅਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਆਮਦ ਜਾਰੀ ਹੈ।