ਹਰਜੋਤ ਸਿੰਘ ਬੈਂਸ ਨੇ ਧਾਰਮਿਕ ਸਜ਼ਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਗਵਾਈ ਹਾਜ਼ਰੀ

.jpeg)
.jpeg)

ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵਲੋਂ ਸਾਂਝੇ ਤੌਰ ’ਤੇ ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀ ਕਰਵਾਏ ਇਕ ਸਮਾਗਮ ਦੌਰਾਨ ਨਾਚ-ਗਾਣੇ ਤੇ ਮਨੋਰੰਜਨ ਕਰਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦੇ ਦੋਸ਼ਾਂ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਅੱਜ ਪੰਜਾਬ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਲਗਵਾਈ ਹੈ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।
ਇਸ ਦੌਰਾਨ ਬੈਂਸ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ ਆਦੇਸ਼ ਨੌਵੇਂ ਪਾਤਸ਼ਾਹ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਤੁਰ ਕੇ ਜਾਣ ਅਤੇ ਇਸ ਅਸਥਾਨ ਨੂੰ ਜਾਂਦੇ ਰਸਤਿਆਂ ਅਤੇ ਗਲੀਆਂ ਨੂੰ ਠੀਕ ਕਰਵਾਉਣ, ਚੰਗੀ ਸਾਫ਼-ਸਫਾਈ ਯਕੀਨੀ ਬਣਾਉਣ, ਗੁਰਦੁਆਰਾ ਕੋਠਾ ਸਾਹਿਬ ਪਾਤਸ਼ਾਹੀ ਨੌਵੀਂ, ਵੱਲਾ ਵਿਖੇ 100 ਮੀਟਰ ਤੁਰ ਕੇ ਜਾਣ ਅਤੇ ਇਸ ਗੁਰੂ ਘਰ ਨੂੰ ਜਾਣ ਵਾਲੇ ਰਸਤੇ ਦੀ ਹਾਲਤ ਨੂੰ ਸੁਧਾਰਨ ਲਈ ਕਾਰਜ ਕਰਨ, ਗੁਰਦੁਆਰਾ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਵੀ ਇਸੇ ਤਰ੍ਹਾਂ ਲੋੜੀਂਦੇ ਕਾਰਜਾਂ ਤੇ ਰਸਤਿਆਂ ਦਾ ਪ੍ਰਬੰਧ ਯਕੀਨੀ ਬਣਾਉਣ, ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਦਿੱਲੀ ਵਿਖੇ ਨਤਮਸਤਕ ਹੋਣ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ 2 ਦਿਨ ਜੋੜਾ ਘਰ ਵਿਚ ਸੇਵਾ ਕਰਨ ਉਪਰੰਤ 1100 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਅਰਦਾਸ ਕਰਵਾਉਣੀ ਸੀ। ਉਕਤ ਹੁਕਮ ਅਨੁਸਾਰ ਉਨ੍ਹਾਂ ਆਪਣੀ ਸੇਵਾ ਇਕ ਨਿਮਾਣੇ ਸਿੱਖ ਵਜੋਂ ਮੁਕੰਮਲ ਕਰ ਲਈ ਹੈ।
ਬੈਂਸ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨਾਂ ਨੂੰ ਜਾਣ ਵਾਲੇ ਰਸਤਿਆਂ ਦੀ ਦਿੱਖ ਸਵਾਰਨ ਲਈ ਆਪਣੇ ਅਖ਼ਤਿਆਰੀ ਫੰਡ ਵਿਚੋਂ 20 ਲੱਖ ਰੁਪਏ ਅਤੇ ਆਪਣੀ ਇਕ ਮਹੀਨੇ ਦੀ ਤਨਖਾਹ ਦੇਣਗੇ। ਇਸ ਤੋਂ ਇਲਾਵਾ ਉਹ ਹੋਰ ਵੀ ਲੋੜੀਂਦੇ ਫੰਡ ਦੇਣ ਅਤੇ ਖੁਦ ਬਤੌਰ ਮੰਤਰੀ ਅਤੇ ਇਕ ਸੇਵਾਦਾਰ ਵਜੋਂ ਇਨ੍ਹਾਂ ਰਸਤਿਆਂ ’ਤੇ ਝਾੜੂ ਲਗਾਉਣ ਲਈ ਹਾਜ਼ਰ ਰਹਿਣਗੇ।