JALANDHAR WEATHER

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਧੁਬੜੀ ਸਾਹਿਬ ਅਸਾਮ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਗੁਰਬਾਣੀ ਕੀਰਤਨ ਮਗਰੋਂ ਆਰੰਭਤਾ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਜ਼ਿਕਰਯੋਗ ਹੈ ਕਿ 20 ਅਗਸਤ ਰਾਤ ਨੂੰ ਗੁਰਦੁਆਰਾ ਧੁਬੜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ ਅਤੇ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਗੁਰਦੁਆਰਾ ਧੋਬੜੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਹੈ, ਜਿਥੇ ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਮੇਤ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਪੜਾਅ ਦਰ ਪੜਾਅ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਆਦਿ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ