ਉਤਰਾਖ਼ੰਡ ਦੇ ਨੌਜਵਾਨ ਦੇ ਕਤਲ ਮਾਮਲੇ ’ਚ ਪੁਸ਼ਕਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ

ਦੇਹਰਾਦੂਨ, 20 ਅਗਸਤ- ਉਤਰਾਖ਼ੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਅੱਜ ਅੰਬਾਲਾ ਵਿਚ ਉਤਰਾਖ਼ੰਡ ਦੇ ਨੌਜਵਾਨ ਸਾਹਿਲ ਬਿਸ਼ਟ ਦੇ ਕਤਲ ਦੀ ਘਟਨਾ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਫ਼ੋਨ ’ਤੇ ਗੱਲ ਕੀਤੀ। ਮੁੱਖ ਮੰਤਰੀ ਧਾਮੀ ਨੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਹੈ।
ਇਸ ’ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਦਿੱਤਾ ਕਿ ਅਪਰਾਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਦੇ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਇਸ ਪੂਰੇ ਮਾਮਲੇ ਵਿਚ ਹਰ ਸੰਭਵ ਕਦਮ ਚੁੱਕੇਗੀ।