JALANDHAR WEATHER

ਜਬਰ-ਜ਼ਨਾਹ ਮਾਮਲੇ 'ਚ 2 ਮੁਲਜ਼ਮਾਂ ਵਿਰੁੱਧ ਮਾਮਲਾ ਦਰਜ, ਲੁੱਕਆਊਟ ਨੋਟਿਸ ਹੋਇਆ ਜਾਰੀ

ਜਲੰਧਰ, 20 ਅਗਸਤ-ਜਲੰਧਰ ਦੇ ਫਿਲੌਰ ਦੀ ਇਕ ਲੜਕੀ ਨਾਲ ਨਸ਼ੀਲਾ ਪਦਾਰਥ ਦੇ ਕੇ ਜਬਰ-ਜ਼ਨਾਹ ਕਰਨ ਦੇ ਮਾਮਲੇ ਵਿਚ ਮਹਿਲਾ ਕਮਿਸ਼ਨ ਨੇ ਕਾਰਵਾਈ ਕੀਤੀ ਹੈ। ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ, ਦਿਹਾਤੀ ਪੁਲਿਸ ਨੇ ਵੀ ਇਸ ਮਾਮਲੇ ਵਿਚ ਕਾਰਵਾਈ ਕੀਤੀ ਹੈ। ਐਸ.ਐਸ.ਪੀ. ਹਰਵਿੰਦਰ ਵਿਰਕ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਿਲ ਦੋਵਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਮੁਲਜ਼ਮਾਂ ਵਿਰੁੱਧ ਜਬਰ-ਜ਼ਨਾਹ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਜਲੰਧਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਦੋਵਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਹਿਲਾ ਕਮਿਸ਼ਨ ਵਲੋਂ ਪੁਲਿਸ ਨੂੰ ਭੇਜੇ ਗਏ ਨੋਟਿਸ ਬਾਰੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਨੋਟਿਸ ਮਿਲਣ ਤੋਂ ਪਹਿਲਾਂ ਹੀ ਕਾਰਵਾਈ ਕੀਤੀ ਗਈ ਹੈ। ਮੁਲਜ਼ਮਾਂ ਵਿਰੁੱਧ ਬੀ.ਐਨ.ਐਸ. ਧਾਰਾ 64 (2), 351 (2), 61 (2) ਤਹਿਤ ਐਫ.ਆਈ.ਆਰ. ਨੰਬਰ 76 ਦਰਜ ਕੀਤੀ ਗਈ ਹੈ।

ਇਸ ਤੋਂ ਪਹਿਲਾਂ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਕ ਪੱਤਰ ਜਾਰੀ ਕਰਕੇ ਕਿਹਾ ਸੀ ਕਿ ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।ਕਮਿਸ਼ਨ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ। ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤਾ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ