JALANDHAR WEATHER

ਹੜ੍ਹ ਪ੍ਰਭਾਵਿਤ ਇਲਾਕੇ ਦਾ ਕੈਬਨਿਟ ਮੰਤਰੀ ਗੋਇਲ ਵਲੋਂ ਦੌਰਾ, ਸੰਤ ਸੀਚੇਵਾਲ ਨੇ ਹਾਲਾਤ ਤੋਂ ਕਰਵਾਇਆ ਜਾਣੂ

ਸੁਲਤਾਨਪੁਰ ਲੋਧੀ, 20 ਅਗਸਤ (ਥਿੰਦ)-ਹਿਮਾਚਲ ਤੇ ਪੰਜਾਬ ਵਿਚ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਹੜ੍ਹਾਂ ਵਿਚ ਘਿਰੇ ਮੰਡ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ। ਪਿਛਲੇ 10 ਦਿਨਾਂ ਤੋਂ ਬਿਆਸ ਦਰਿਆ ਦੇ ਠਾਠਾਂ ਮਾਰਦੇ ਪਾਣੀ ਦੀਆਂ ਛੱਲਾਂ ਵਿਚ ਆਏ 16 ਪਿੰਡਾਂ ਦੇ ਲੋਕਾਂ ਦੀ ਜਾਨ ਉਸ ਵੇਲੇ ਮੁੱਠੀ ਵਿਚ ਆ ਗਈ ਜਦੋਂ ਉਨ੍ਹਾਂ ਨੂੰ ਇਸ ਗੱਲ ਦੀ ਭਿਣਕ ਲੱਗੀ ਕਿ ਪੌਂਗ ਡੈਮ ਤੋਂ ਬਿਆਸ ਦਰਿਆ ਵਿਚ ਹੋਰ ਪਾਣੀ ਛੱਡਿਆ ਜਾ ਰਿਹਾ ਹੈ।

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਤੋਂ ਜਾਣਿਆ। ਕੈਬਨਿਟ ਮੰਤਰੀ ਗੋਇਲ ਨੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀ ਪਹਿਲ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਬਚਾਉਣਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਉਨ੍ਹਾਂ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਹ ਪੀੜਤ ਲੋਕਾਂ ਦੀ ਸਹਾਇਤਾ ਲਈ ਹਰ ਵੇਲੇ ਮੌਜੂਦ ਰਹੇ।

ਇਸ ਮੌਕੇ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੂੰ ਹਾਲਾਤ ਤੋਂ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਪਾਣੀ ਘੱਟਣ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਵਿਚ ਆਈ ਰੇਤਾ ਨੂੰ ਚੁੱਕਣ ਵਿਚ ਮਦਦ ਕੀਤੀ ਜਾਵੇ ਅਤੇ ਅਗਲੀ ਫਸਲ ਬੀਜਣ ਤੋਂ ਪਹਿਲਾਂ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਮਿਲ ਜਾਵੇ। ਇਹ ਇਲਾਕੇ ਦੇ ਕਿਸਾਨਾਂ ਲਈ ਬਹੁਤ ਵੱਡੀ ਰਾਹਤ ਹੋਵੇਗੀ। ਜ਼ਿਕਰਯੋਗ ਹੈ ਕਿ ਸੰਤ ਸੀਚੇਵਾਲ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ, ਕੇਂਦਰੀ ਖੇਤੀਬਾੜੀ ਮੰਤਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ