ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ


ਅੰਮ੍ਰਿਤਸਰ, ਅਜਨਾਲਾ, ਰਮਦਾਸ (ਜੱਸ, ਢਿੱਲੋਂ, ਸੰਧੂ, ਵਾਹਲਾ)- ਡੇਰਾ ਬਾਬਾ ਨਾਨਕ, ਰਮਦਾਸ ਗੱਗੋ ਮਾਹਲ ਤੇ ਅਜਨਾਲਾ ਆਦਿ ਇਲਾਕਿਆਂ ਦੇ ਪਿੰਡਾਂ ਵਿਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ, ਜਿਥੇ ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ। ਉਥੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿਚੋਂ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ ਗਈ ਹੈ, ਜਿਸ ਦੇ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ। ਪ੍ਰਧਾਨ ਧਾਮੀ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫ਼ਤ ਦੇ ਖ਼ਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਸਕੱਤਰ ਸ. ਪ੍ਰਤਾਪ ਸਿੰਘ ਵੀ ਮੌਜੂਦ ਸਨ।