ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਨੂੰ ਟੀਮ ਭੇਜਣ ਲਈ ਬੇਨਤੀ ਕਰਾਂਗੇ-ਸੋਮ ਪ੍ਰਕਾਸ਼

ਕਪੂਰਥਲਾ, 31 ਅਗਸਤ (ਅਮਰਜੀਤ ਕੋਮਲ)-ਪੰਜਾਬ ਵਿਚ ਹੜ੍ਹਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਤੇ ਲੋਕਾਂ ਦੇ ਹੋਏ ਜਾਨੀ ਤੇ ਮਾਲੀ ਨੁਕਸਾਨ ਨੂੰ ਦੇਖਦਿਆਂ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਨਗੇ ਕਿ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜੀ ਜਾਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਗੂਵਾਲ ਤੇ ਕੰਮੇਵਾਲ ਦੇ ਲੋਕਾਂ ਨੂੰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਹੋਰ ਆਗੂਆਂ ਨਾਲ ਰਾਹਤ ਸਮੱਗਰੀ ਤਕਸੀਮ ਕਰਨ ਮੌਕੇ ਕਹੀ | ਉਨ੍ਹਾਂ ਕਿਹਾ ਕਿ ਸੰਕਟ ਦੇ ਇਸ ਸਮੇਂ ਕਿਸੇ ਵੀ ਪਰਿਵਾਰ ਨੂੰ ਭੁੱਖਾ ਜਾਂ ਬੇ ਸਹਾਰਾ ਨਹੀਂ ਰਹਿਣ ਦਿੱਤਾ ਜਾਵੇਗਾ |
ਪਾਰਟੀ ਆਗੂ ਤੇ ਵਰਕਰ ਰਾਹਤ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਉਣਗੇ | ਇਸ ਮੌਕੇ ਸੋਮ ਪ੍ਰਕਾਸ਼ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਭਾਜਪਾ ਆਗੂ ਤੇ ਵਰਕਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ | ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੁਦਰਤੀ ਆਫ਼ਤ ਮੌਕੇ ਪ੍ਰਭਾਵਿਤ ਲੋਕਾਂ ਦੀ ਮਦਦ ਵਿਚ ਸਹਿਯੋਗ ਦੇਣ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੱਖ-ਵੱਖ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਸ਼ਨ, ਪਸ਼ੂਆਂ ਦੇ ਚਾਰੇ ਤੇ ਦਵਾਈਆਂ ਦੀ ਫ਼ੌਰੀ ਲੋੜ ਹੈ |