ਪ੍ਰਧਾਨ ਮੰਤਰੀ ਮੋਦੀ ਤੇ ਸ਼ੀ ਜਿਨਪਿੰਗ ਨੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ

ਨਵੀਂ ਦਿੱਲੀ , 31 ਅਗਸਤ - ਤਿਆਨਜਿਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਬਹੁ-ਉਡੀਕ ਮੀਟਿੰਗ ਵਿਚ, ਦੋਵਾਂ ਦੇਸ਼ਾਂ ਵਿਚਕਾਰ ਸਰਹੱਦੀ ਵਿਵਾਦ ਦੇ ਇਕ ਨਿਰਪੱਖ, ਬਰਾਬਰੀ ਵਾਲੇ ਅਤੇ ਆਪਸੀ ਤੌਰ 'ਤੇ ਸਵੀਕਾਰਯੋਗ ਹੱਲ ਪ੍ਰਤੀ ਵਚਨਬੱਧਤਾ ਪ੍ਰਗਟ ਕੀਤੀ ਗਈ ਹੈ।
ਇਹ ਇਕ ਸਾਲ ਦੇ ਅੰਦਰ ਦੁਨੀਆ ਦੀਆਂ ਦੋ ਸਭ ਤੋਂ ਵੱਧ ਆਬਾਦੀ ਵਾਲੀਆਂ ਅਤੇ ਸਭ ਤੋਂ ਤੇਜ਼ੀ ਨਾਲ ਵਧ ਰਹੀਆਂ ਵੱਡੀਆਂ ਅਰਥਵਿਵਸਥਾਵਾਂ ਦੇ ਨੇਤਾਵਾਂ ਵਿਚਕਾਰ ਦੂਜੀ ਮੁਲਾਕਾਤ ਸੀ, ਜਿਸ ਵਿਚ ਸਰਹੱਦੀ ਵਿਵਾਦ, ਦੋਵਾਂ ਦੇਸ਼ਾਂ ਵਿਚਕਾਰ ਸਿੱਧੀ ਉਡਾਣ ਸੇਵਾ ਸ਼ੁਰੂ ਕਰਨ, ਵਪਾਰਕ ਸੰਬੰਧਾਂ, ਵਿਸ਼ਵਵਿਆਪੀ ਮੁੱਦਿਆਂ ਅਤੇ ਦੁਵੱਲੇ ਹਿੱਤਾਂ ਨਾਲ ਸਬੰਧਤ ਹੋਰ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਉਨ੍ਹਾਂ ਨੇ ਸਰਹੱਦੀ ਖੇਤਰਾਂ ਵਿਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ ।