ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 1 ਸਤੰਬਰ-ਦਿੱਲੀ ਪਹੁੰਚਣ 'ਤੇ ਤੁਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ਕਰਕੇ ਪੰਜਾਬ ਵਿਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸੂਬੇ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦਾ ਭਰੋਸਾ ਦਿੱਤਾ। ਦੱਸ ਦਈਏ ਕਿ ਪੰਜਾਬ ਦਹਾਕਿਆਂ ਦੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿਚੋਂ ਇਕ ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਨੂੰ ਭਾਰੀ ਹੜ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜੋ ਕਿ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿਚ ਉਨ੍ਹਾਂ ਦੇ ਜਲ ਖੇਤਰ ਵਿਚ ਭਾਰੀ ਮੀਂਹ ਕਾਰਨ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿਚ ਆਏ ਪਾਣੀ ਕਾਰਨ ਹੋਇਆ ਹੈ।
ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਹੁਣ ਵਿਗੜ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਕਿਹਾ ਕਿ ਹੁਣ ਤੱਕ 29 ਲੋਕਾਂ ਦੀ ਜਾਨ ਚੱਲੀ ਗਈ ਹੈ ਅਤੇ 2.56 ਲੱਖ ਤੋਂ ਵੱਧ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ। 1 ਅਗਸਤ ਤੋਂ ਰਾਜ ਦੇ 23 ਵਿਚੋਂ 12 ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ, ਜਿਸ ਨੂੰ ਰਾਜ ਸਰਕਾਰ ਨੇ ਦਹਾਕਿਆਂ ਵਿਚ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿਚੋਂ ਇਕ ਦੱਸਿਆ ਹੈ।