ਡਿਪਟੀ ਕਮਿਸ਼ਨਰ ਵਲੋਂ ਭਾਰੀ ਮੀਂਹ ਤੇ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਅਲਰਟ ਜਾਰੀ

ਕਪੂਰਥਲਾ, 2 ਸਤੰਬਰ (ਅਮਰਜੀਤ ਕੋਮਲ)- ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਤੇ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਆਉਣ ਦੀ ਅਪੀਲ ਕੀਤੀ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਉਪਰਲੇ ਪਹਾੜੀ ਖੇਤਰਾਂ ਤੇ ਸਥਾਨਕ ਪੱਧਰ ਵਿਖੇ ਲਗਾਤਾਰ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ ਹੋਇਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ ਉਪਰ ਆ ਜਾਣ।
ਸ੍ਰੀ ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ। ਡੀ. ਸੀ. ਨੇ ਕਿਹਾ ਕਿ ਫ਼ੌਜ ਤੇ ਐਸ. ਡੀ. ਆਰ. ਐਫ਼. ਦੀਆਂ ਟੀਮਾਂ ਵਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ’ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।