ਐੱਸ.ਜੀ.ਪੀ.ਸੀ. ਵਲੋਂ ਧੁੱਸੀ ਬੰਨ੍ਹ 'ਤੇ ਲੰਗਰ ਸੇਵਾ ਜਾਰੀ

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ਾਂ ’ਤੇ ਹੜ੍ਹਾਂ ਦੇ ਮੱਦੇਨਜ਼ਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਲੰਗਰ ਦੀ ਸੇਵਾ ਜਾਰੀ ਹੈ। ਗੁਰੂ ਘਰ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਅਤੇ ਕਥਾਵਾਚਕ ਬਚਿੱਤਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਹਨ ਕਿ ਹੜ੍ਹਾਂ ਦੌਰਾਨ ਜਿਥੇ ਕਿਤੇ ਵੀ ਲੰਗਰ ਦੀ ਲੋੜ ਹੈ ਤਾਂ ਉਥੇ ਤੁਰੰਤ ਮੁਹੱਈਆ ਕਰਵਾਇਆ ਜਾਵੇ।
ਉਨ੍ਹਾਂ ਕਿਹਾ ਕਿ ਪਿੰਡ ਧੁੱਲੇਵਾਲ ਦੇ ਧੁੱਸੀ ਬੰਨ੍ਹ ਵਿਖੇ ਰਾਹਤ ਕਾਰਜਾਂ ਵਿਚ ਜੁਟੇ ਮਜ਼ਦੂਰਾਂ ਆਦਿ ਲਈ ਲੰਗਰ ਵਰਤਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹੋਰ ਵੀ ਜਿਥੇ ਕਿਤੇ ਜ਼ਰੂਰਤ ਪੈਂਦੀ ਹੈ ਤਾਂ ਸੇਵਾਦਾਰ ਪਹੁੰਚ ਰਹੇ ਹਨ। ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਕਿਹਾ ਕਿ ਜੇਕਰ ਕੋਈ ਪਿੰਡ ਹੜ੍ਹਾਂ ਵਰਗੀ ਮਾਰ ਝੇਲ ਰਿਹਾ ਹੈ ਤਾਂ ਉਹ ਗੁਰਦੁਆਰਾ ਸਾਹਿਬ ਵਿਖੇ ਸੰਪਰਕ ਕਰ ਸਕਦਾ ਹੈ।