ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਸੁਰੱਖਿਅਤ, ਲੋਕ ਅਫ਼ਵਾਹਾਂ ਵੱਲ ਧਿਆਨ ਨਾ ਦੇਣ - ਐੱਸ.ਐੱਸ.ਪੀ.

ਮਾਛੀਵਾੜਾ ਸਾਹਿਬ, 2 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਇਥੋਂ ਕੁਝ ਦੂਰੀ ’ਤੇ ਪੈਂਦੇ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਧੁੱਲੇਵਾਲ ਦੇ ਧੁੱਸੀ ਬੰਨ੍ਹ ਦਾ ਅੱਜ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ. ਡਾ. ਜੋਤੀ ਯਾਦਵ ਵਲੋਂ ਜਾਇਜ਼ਾ ਲਿਆ ਗਿਆ। ਉਨ੍ਹਾਂ ਪਿੰਡਾਂ ਦੀਆਂ ਔਰਤਾਂ ਨਾਲ ਮਿਲ ਕੇ ਉਨ੍ਹਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਦੀ ਜਾਨ, ਮਾਲ ਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਹਨ।
ਐੱਸ.ਐੱਸ.ਪੀ. ਡਾ. ਜੋਤੀ ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਤਲੁਜ ਦਰਿਆ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ, ਜਿਸ ਕਾਰਨ ਲੋਕਾਂ ਨੂੰ ਅਫ਼ਵਾਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਕੁਝ ਘਟਿਆ ਹੈ, ਜਿਸ ਕਾਰਨ ਜਿਥੋਂ ਜ਼ਮੀਨ ਨੂੰ ਖੋਰਾ ਲੱਗਾ ਹੈ, ਉਥੇ ਰਾਹਤ ਕਾਰਜ ਜਾਰੀ ਹਨ। ਦੋ ਦਿਨਾਂ ਤੋਂ ਪਏ ਮੀਂਹ ਕਾਰਨ ਪਾਣੀ ਦਾ ਪੱਧਰ ਸਤਲੁਜ ਦਰਿਆ ਵਿਚ 1.25 ਲੱਖ ਕਿਊਸਿਕ ’ਤੇ ਪੁੱਜ ਚੁੱਕਾ ਸੀ ਜੋ ਕਿ ਹੁਣ ਘੱਟ ਕੇ 70 ਹਜ਼ਾਰ ਕਿਊਸਿਕ ਰਹਿ ਗਿਆ ਹੈ। ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਕਿਨਾਰੇ ਵਸਦੇ ਪਿੰਡਾਂ ਦੇ ਲੋਕਾਂ ਨੂੰ ਕੁਝ ਰਾਹਤ ਦਿਖਾਈ ਦਿੱਤੀ ਜਿਨ੍ਹਾਂ ਪ੍ਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਕਿਹਾ ਕਿ ਜੇਕਰ ਬਾਰਿਸ਼ ਰੁਕ ਗਈ ਤਾਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ’ਤੇ ਛਾਇਆ ਖ਼ਤਰਿਆਂ ਦਾ ਬੱਦਲ ਹਟ ਜਾਵੇਗਾ।