ਡੀ.ਸੀ. ਤੇ ਐੱਸ. ਐੱਸ. ਪੀ. ਬਰਨਾਲਾ ਵਲੋਂ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
ਮਹਿਲ ਕਲਾਂ, 3 ਸਤੰਬਰ (ਅਵਤਾਰ ਸਿੰਘ ਅਣਖੀ)-ਸ੍ਰੀ ਟੀ ਬੈਨਿਥ, ਡਿਪਟੀ ਕਮਿਸ਼ਨਰ ਅਤੇ ਸਰਫ਼ਰਾਜ਼ ਆਲਮ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੇ ਅੱਜ ਮਹਿਲ ਕਲਾਂ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿਥੇ ਭਾਰੀ ਮੀਂਹ ਕਾਰਨ ਇਮਾਰਤਾਂ, ਫਸਲਾਂ ਆਦਿ ਦਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਇਨ੍ਹਾਂ ਪਿੰਡਾਂ 'ਚ ਸਥਾਪਤ ਕੀਤੇ ਰਾਹਤ ਕੈਂਪਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਰਾਏਸਰ ਪੰਜਾਬ, ਚੰਨਣਵਾਲ ਅਤੇ ਸਹੌਰ ਦਾ ਦੌਰਾ ਕੀਤਾ। ਇਨ੍ਹਾਂ ਪਿੰਡਾਂ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਅਸੁਰੱਖਿਅਤ ਹੋਈਆਂ ਇਮਾਰਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਸੁਰੱਖਿਅਤ ਥਾਵਾਂ 'ਚ ਨਾ ਬੈਠਣ ਅਤੇ ਆਪਣੇ ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਨਾਲ ਰਾਬਤਾ ਕਰਕੇ ਪਿੰਡਾਂ 'ਚ ਬਣੇ ਰਾਹਤ ਕੈਂਪਾਂ 'ਚ ਸ਼ਿਫਟ ਹੋ ਜਾਣ।
ਇਸ ਸਬੰਧੀ ਪਿੰਡਾਂ 'ਚ ਮੁਨਿਆਦੀ ਵੀ ਕਰਵਾਈ ਜਾ ਰਹੀ ਹੈ ਤਾਂ ਜੋ ਕੋਈ ਵੀ ਪਿੰਡ ਵਾਸੀ ਅਸੁਰੱਖਿਅਤ ਇਮਾਰਤ 'ਚ ਨਾ ਰਹੇ। ਉਨ੍ਹਾਂ ਪਿੰਡ ਚੰਨਣਵਾਲ ਦੇ ਸਰਕਾਰੀ ਸੀਨੀਅਰ ਸਕੂਲ ਵਿਖੇ ਬਣਾਏ ਗਏ ਰਾਹਤ ਕੈਂਪ ਦਾ ਦੌਰਾ ਕੀਤਾ ਅਤੇ ਕੈਂਪ 'ਚ ਰਹਿ ਰਹੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਘਰ ਦੀਆਂ ਇਮਾਰਤਾਂ ਮੀਂਹ ਕਾਰਨ ਖ਼ਰਾਬ ਹੋ ਗਈਆਂ ਹਨ, ਇਨ੍ਹਾਂ ਨੂੰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ।
ਇਨ੍ਹਾਂ ਕੈਂਪਾਂ 'ਚ ਮੌਜੂਦ ਲੋਕਾਂ ਦਾ ਹਾਲ ਜਾਣਿਆ ਅਤੇ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਖਾਣ-ਪੀਣ ਅਤੇ ਰਹਿਣ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਟੀ ਬੈਨਿਥ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵੇਲੇ ਜ਼ਿਲ੍ਹਾ ਬਰਨਾਲਾ 'ਚ ਕੁੱਲ 30 ਕੈਂਪ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿਚ 440 ਲੋਕਾਂ ਨੂੰ ਸ਼ਿਫਟ ਕੀਤਾ ਗਿਆ ਹੈ। ਸਰਫ਼ਰਾਜ਼ ਆਲਮ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਬਰਨਾਲਾ ਪੁਲਿਸ ਵਲੋਂ ਨਿਰੰਤਰ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਜਾ ਰਿਹਾ ਹੈ।