ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਆਇਆ ਸੁਧਾਰ

ਚੰਡੀਗੜ੍ਹ, 6 ਸਤੰਬਰ- ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸੁਧਰ ਰਹੀ ਹੈ। ਉਨ੍ਹਾਂ ਦੀ ਨਬਜ਼ ਦੀ ਦਰ ਵਿਚ ਸੁਧਾਰ ਹੋਇਆ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਹਸਪਤਾਲ ਵਿਚ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ।
ਹਸਪਤਾਲ ਪ੍ਰਸ਼ਾਸਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕੁਝ ਸਮਸਿਆਵਾਂ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ। ਇਸ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਦਾਖ਼ਲ ਕਰਵਾਇਆ ਗਿਆ।
ਦੱਸ ਦੇਈਏ ਕਿ ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ। ਇਸ ਕਾਰਨ ਉਨ੍ਹਾਂ ਦਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ’ਤੇ ਸਨ ਅਤੇ ਇਲਾਜ ਕਰਵਾ ਰਹੇ ਸਨ ਪਰ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ।
ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਪ੍ਰਸਤਾਵਿਤ ਕੈਬਨਿਟ ਮੀਟਿੰਗ ਵੀ ਮੁਲਤਵੀ ਕਰ ਦਿੱਤੀ ਗਈ ਸੀ।