ਕਾਂਗਰਸ ਵਲੋਂ ਹਵਾਈ ਅੱਡਾ ਰਾਜਾਸਾਂਸੀ ਮਾਰਗ ਤੋਂ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਦੇ ਟਰੱਕ ਰਵਾਨਾ

ਰਾਜਾਸਾਂਸੀ, 6 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ ਆਏ ਹੜ੍ਹਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਜਿਸ ਤਹਿਤ ਅੰਮ੍ਰਿਤਸਰ ਵਿਚ ਹਲਕਾ ਪੱਛਮੀ ਤੋਂ ਸਾਬਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ ਵਲੋਂ ਚਾਰ ਟਰੱਕ ਰਾਹਤ ਸਮੱਗਰੀ ਦੇ ਹੜ੍ਹ ਪ੍ਰਭਾਵਿਤ ਖੇਤਰ ਦੇ ਅੱਜ ਅੰਮ੍ਰਿਤਸਰ ਰਾਜਾਸਾਂਸੀ ਦੇ ਹਵਾਈ ਅੱਡਾ ਮਾਰਗ ਤੋਂ ਪੰਜਾਬ ਕਾਂਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਵਲੋਂ ਦੋ ਟਰੱਕ ਫਿਰੋਜ਼ਪੁਰ ਅਤੇ ਦੋ ਟਰੱਕ ਅਜਨਾਲਾ ਦੇ ਪਿੰਡਾਂ ਲਈ ਰਵਾਨਾ ਕੀਤੇ ਗਏ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ਦੇ ਯਤਨਾਂ ਸਦਕਾ ਪੰਜਾਬ ਦੀ ਸਮੁੱਚੀ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਨਿਰਦੇਸ਼ ਅਨੁਸਾਰ ਪਾਰਟੀ ਦੇ ਵਰਕਰਾਂ ਵਲੋਂ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਲਈ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਭੁਪੇਸ਼ ਬਘੇਲ ਪੰਜਾਬ ਦੇ ਛੇ ਜ਼ਿਲਿਆਂ ਦਾ ਦੌਰਾ ਕਰਨਗੇ ਅਤੇ ਇਨ੍ਹਾਂ ਦੇ ਹਾਲਾਤ ਦਾ ਜਾਇਜ਼ਾ ਲੈ ਕੇ ਰਾਹੁਲ ਗਾਂਧੀ ਨੂੰ ਸਾਰੀ ਜਾਣਕਾਰੀ ਦੇਣਗੇ ਕਿ ਪੰਜਾਬ ਅੰਦਰ ਕਿੰਨਾ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ, ਸਾਬਕਾ ਕੈਬਨਿਟ ਮੰਤਰੀ ਡਾਕਟਰ ਰਾਜ ਕੁਮਾਰ ਵੇਰਕਾ, ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਭਗਵੰਤ ਪਾਲ ਸਿੰਘ ਸੱਚਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।