ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਸਰਹੱਦੀ ਪਿੰਡਾਂ ਦਾ ਦੌਰਾ

ਫਾਜ਼ਿਲਕਾ , 7 ਸਤੰਬਰ (ਬਲਜੀਤ ਸਿੰਘ) - ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਕਿਸ਼ਤੀ ਰਾਹੀਂ ਗੁਲਾਬਾ ਭੈਣੀ ਪਿੰਡ ਤੱਕ ਰਾਹਤ ਸਮੱਗਰੀ ਲੈ ਕੇ ਪਹੁੰਚੇ ਅਤੇ ਇੱਥੇ ਖੁਦ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ। ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਤਕਰੀਬਨ ਇਕ ਮਹੀਨੇ ਤੋਂ ਪੰਜਾਬ ਹੜ੍ਹਾਂ ਨਾਲ ਜੂਝ ਰਿਹਾ ਹੈ ਪਰ ਕੇਂਦਰ ਸਰਕਾਰ ਹਾਲੇ ਤੱਕ ਰਿਪੋਰਟਾਂ ਉਡੀਕਣ ਵਿਚ ਲੱਗੀ ਹੋਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ 9 ਸਤੰਬਰ ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੱਡਾ ਰਾਹਤ ਪੈਕਜ ਐਲਾਨ ਕਰਕੇ ਜਾਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਆਰ.ਡੀ.ਐਫ, ਜੀ.ਐਸ.ਟੀ. ਆਦਿ ਦੇ 60 ਹਜ਼ਾਰ ਕਰੋੜ ਰੁਪਏ ਵੀ ਕੇਂਦਰ ਜਲਦ ਜਾਰੀ ਕਰੇ। ਇਸ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਕੇਂਦਰ ਸਰਕਾਰ ਤੋਂ ਇਹ ਮੰਗ ਕਰ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰੀ ਖੇਤੀ ਮੰਤਰੀ ਵੀ ਦੌਰਾ ਕਰਕੇ ਗਏ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਵਲੋਂ ਕੋਈ ਰਾਹਤ ਨਹੀਂ ਭੇਜੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ.ਡੀ.ਐਮ. ਵੀਰਪਾਲ ਕੌਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਵੀ ਹਾਜ਼ਰ ਸਨ।