ਕੇਂਦਰ ਵਲੋਂ ਜਾਰੀ ਰਾਸ਼ੀ ਸਿੱਧੀ ਜਾਵੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਖ਼ਾਤਿਆਂ ਵਿਚ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 10 ਸਤੰਬਰ (ਹਰਮਿੰਦਰ ਸਿੰਘ)- ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਨੂੰ ਹੜ੍ਹ ਰਿਲੀਫ਼ ਫ਼ੰਡ ਵਜੋਂ 1600 ਕਰੋੜ ਰੁਪਏ ਦਿੱਤੇ ਜਾਣ ਨੂੰ ਕੇਂਦਰ ਵਲੋਂ ਕੀਤਾ ਗਿਆ ਮਜ਼ਾਕ ਦੱਸਿਆ ਗਿਆ ਹੈ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਭੇਜੀ ਜਾਣ ਵਾਲੀ ਰਾਸ਼ੀ ਵਿਚੋਂ ਬਹੁਤ ਰਾਸ਼ੀ ਪੰਜਾਬ ਸਰਕਾਰ ਵਲੋਂ ਆਪਣੇ ਇਸ਼ਤਿਹਾਰਾਂ ’ਤੇ ਹੀ ਖਰਚ ਕਰ ਦਿੱਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਜੋ ਰਾਸ਼ੀ ਜਾਰੀ ਕੀਤੀ ਗਈ ਹੈ, ਉਹ ਸਿੱਧੇ ਤੌਰ ’ਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਖਾਤਿਆਂ ’ਚ ਜਾਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ’ਚ ਆਏ ਹੜ੍ਹਾਂ ਨੂੰ ਕੁਦਰਤੀ ਕਰੋਪੀ ਦੇ ਨਾਲ ਨਾਲ ਲੋਕਾਂ ਵਲੋਂ ਪੈਦਾ ਕੀਤੇ ਹਾਲਾਤ ਦਾ ਖਮਿਆਜ਼ਾ ਦੱਸਿਆ। ਉਨ੍ਹਾਂ ਕਿਹਾ ਕਿ ਹਿਮਾਚਲ ’ਚ ਵੱਡੇ ਪੱਧਰ ’ਤੇ ਪਹਾੜਾਂ ਦੀ ਕਟਾਈ ਕੀਤੀ ਗਈ, ਸਰੁੰਗਾਂ ਬਣਾਈਆਂ ਗਈਆਂ, ਹੋਰ ਅਣ-ਅਧਿਕਾਰਤ ਉਸਾਰੀਆਂ ਕੀਤੀਆਂ ਗਈਆਂ, ਜਿਸ ਕਾਰਨ ਇਹ ਕੁਦਰਤੀ ਆਫ਼ਤਾਂ ਆਈਆਂ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ’ਚ ਕਿਸੇ ਵੀ ਤਰ੍ਹਾਂ ਦੀ ਵਿਕਾਸ ਯੋਜਨਾ ਲਿਆਂਦੀ ਜਾਂਦੀ ਹੈ ਤਾਂ ਉਸ ਵਿਚ ਪੰਜਾਬ ਦੇ ਨੁਮਾਇੰਦਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ।