ਅਣ-ਪਛਾਤੇ ਵਿਅਕਤੀਆਂ ਵਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)-ਥਾਣਾ ਸਦਰ ਅਧੀਨ ਆਉਂਦੇ ਧਾਲੀਵਾਲ ਔਜਲਾ ਰੋਡ ’ਤੋਂ ਇਕ ਨੌਜਵਾਨ ਦੀ ਵੱਢੀ ਟੁੱਕੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਦਹਿਸ਼ਤ ਫੈਲ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਸਬ ਇੰਸਪੈਕਟਰ ਲਖਬੀਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਇਮਾਮ ਹੁਸੈਨ ਵਾਸੀ ਪਿੰਡ ਉੱਗੀ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਸਬ ਇੰਸਪੈਕਟਰ ਲਖਬੀਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨੌਜਵਾਨ ਦੋ ਤਿੰਨ ਦਿਨ ਤੋਂ ਘਰੋਂ ਗਿਆ ਹੋਇਆ ਸੀ, ਜਿਸ ਦੀ ਲਾਸ਼ ਅੱਜ ਧਾਲੀਵਾਲ ਔਜਲਾ ਰੋਡ ਤੋਂ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।