ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਕਮੇਟੀ ਵਲੋਂ ਕੀਤੇ ਜਾਣਗੇ ਅਹਿਮ ਐਲਾਨ- ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅਜਨਾਲਾ, ਰਮਦਾਸ, ਗੱਗੋਮਾਹਲ, (ਅੰਮ੍ਰਿਤਸਰ), 11 ਸਤੰਬਰ (ਢਿੱਲੋਂ/ਵਾਹਲਾ/ਸੰਧੂ)-ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਲਾਨਾ ਜੋੜ ਮੇਲੇ ਚੋਥ ਸ਼ਰਾਧਾਂ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਿਖੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਵਾਲੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਵਿਚ ਹੜ੍ਹ ਪੀੜਤ ਪਰਿਵਾਰਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਐਲਾਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿਚ ਹਰ ਪੰਜਾਬੀ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੀ ਪੰਜਾਬ ਫੇਰੀ ਦੌਰਾਨ ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਨੂੰ 1600 ਕਰੋੜ ਰੁਪਏ ਰਾਹਤ ਪੈਕੇਜ ਜਾਰੀ ਕਰਨ ਨੂੰ ਵੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਨਾ-ਕਾਫ਼ੀ ਦੱਸਿਆ ਗਿਆ। ਇਸ ਤੋਂ ਪਹਿਲਾਂ ਉਨ੍ਹਾਂ ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਜਗਤਾਰ ਸਿੰਘ ਵਲੋਂ ਤਿਆਰ ਕਰਵਾਈ ਗਈ ਸਰਾਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਕਈ ਪਤਵੰਤੇ ਹਾਜ਼ਰ ਸਨ।