ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਜਨਾਲਾ, ਹਰਸ਼ਾ ਛੀਨਾ, (ਅੰਮ੍ਰਿਤਸਰ), 12 ਸਤੰਬਰ (ਢਿੱਲੋਂ/ ਕੜਿਆਲ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅਤੇ ਰਾਜਾਸਾਂਸੀ ਦੇ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦੇ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਪਿੰਡ ਮੋਤਲਾ ਵਿਖੇ ਪਹੁੰਚੇ ਹੋਏ ਹਨ। ਇਸ ਮੌਕੇ ਭਾਜਪਾ ਓ.ਬੀ.ਸੀ ਮੋਰਚਾ ਦੇ ਸੂਬਾ ਪ੍ਰਧਾਨ, ਜ਼ਿਲਾ ਅੰਮ੍ਰਿਤਸਰ ਦਿਹਾਤੀ 1 ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਸਮੇਤ ਹੋਰ ਆਗੂ ਉਨ੍ਹਾਂ ਦੇ ਨਾਲ ਮੌਜੂਦ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਰੱਖਿਆ ਰਾਜ ਮੰਤਰੀ ਸੰਜੇ ਸੇਠ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਫੌਰੀ ਰਾਹਤ ਵਜੋਂ 1600 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਂਦੇ ਸਮੇਂ ਵਿਚ ਵੀ ਕੇਂਦਰ ਸਰਕਾਰ ਵਲੋਂ ਪੰਜਾਬ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਅਤੇ ਮੰਗ ਕੀਤੀ ਕਿ ਇਸ ਔਖੀ ਘੜੀ ਵਿਚ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਦੀ ਬਾਂਹ ਫੜੀ ਜਾਵੇ।