ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬੀ.ਡੀ.ਪੀ.ਓ. ਦਫ਼ਤਰ ਅੱਗੇ ਅਣਮਿੱਥੇ ਸਮੇਂ ਲਈ ਧਰਨਾ

ਮਾਛੀਵਾੜਾ ਸਾਹਿਬ, (ਲੁਧਿਆਣਾ), 12 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਅਣ-ਮਿੱਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਗੜ੍ਹੀ ਤਰਖਾਣਾ ਨੇ ਦੱਸਿਆ ਕਿ ਇਲਾਕੇ ਵਿਚ ਵੱਖ-ਵੱਖ ਥਾਵਾਂ ’ਤੇ ਨਾਜਾਇਜ਼ ਕਬਜ਼ੇ ਹੋਏ ਹਨ।
ਇਸ ਸੰਬੰਧੀ ਉਨ੍ਹਾਂ ਵਲੋਂ ਕਈ ਵਾਰ ਬੀ.ਡੀ.ਪੀ.ਓ. ਨੂੰ ਜਾ ਕੇ ਲਿਖਤੀ ਰੂਪ ਵਿਚ ਵੀ ਸ਼ਿਕਾਇਤਾਂ ਦਿੱਤੀਆਂ ਗਈਆਂ, ਜਿਸ ਸੰਬੰਧੀ ਅਫ਼ਸਰਾਂ ਵਲੋਂ ਕੋਈ ਵੀ ਕਾਰਵਾਈ ਅਮਲ ਵਿਚ ਨਾ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਮਾਛੀਵਾੜਾ ਅਧੀਨ ਪੈਂਦੇ ਪਿੰਡ ਗੜ੍ਹੀ ਤਰਖਾਣਾ ਤੇ ਸਹਿਜੋ ਮਾਜਰਾ ਵਿਖੇ ਪੰਚਾਇਤੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਹੋਏ ਹਨ। ਇਸ ਤੋਂ ਇਲਾਵਾ ਕਈ ਹੋਰ ਪਿੰਡਾਂ ਵਿਚ ਵੀ ਪੰਚਾਇਤ ਜ਼ਮੀਨ ਦੀ ਬੋਲੀ ਨਿਯਮਾਂ ਤੋਂ ਉਲਟਾ ਜਾ ਕੇ ਕਾਰਵਾਈ ਕੀਤੀ ਗਈ ਹੈ, ਜਿਸ ਵਿਚ ਖੁੱਲ੍ਹੇ ਤੌਰ ’ਤੇ ਆਮ ਲੋਕਾਂ ਨੂੰ ਸੂਚਿਤ ਨਹੀਂ ਕੀਤਾ ਗਿਆ, ਜਿਸ ਕਾਰਨ ਸਰਕਾਰ ਦਾ ਆਰਥਿਕ ਨੁਕਸਾਨ ਵੀ ਹੋਇਆ।
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਬਲਾਕ ਪੰਚਾਇਤ ਦਫ਼ਤਰ ਦੇ ਅਧਿਕਾਰੀ ਇਨ੍ਹਾਂ ਪਿੰਡਾਂ ’ਚੋਂ ਨਾਜਾਇਜ਼ ਕਬਜ਼ੇ ਨਹੀਂ ਛੁਡਾਉਂਦੇ ਉਦੋਂ ਤੱਕ ਕਿਸਾਨ ਯੂਨੀਅਨ ਕਾਦੀਆਂ ਵਲੋਂ ਦਫ਼ਤਰ ਅੱਗੇ ਧਰਨਾ ਅਣ-ਮਿੱਥੇ ਸਮੇਂ ਲਈ ਜਾਰੀ ਰਹੇਗਾ। ਇਸ ਮੌਕੇ ਵੱਖ ਵੱਖ ਆਗੂ ਮੌਜੂਦ ਸਨ।