ਹੜ੍ਹ ਪੀੜਤਾਂ ਦੀ ਸਾਰ ਲੈਣ ਪੁੱਜੇ ਰਾਜਾ ਵੜਿੰਗ ਨੇ ਪਿੰਡ ਵਾਸੀਆਂ ਨੂੰ ਦਿੱਤਾ ਇੰਜਣ ਵਾਲਾ ਬੇੜਾ, ਪਸ਼ੂਆਂ ਲਈ ਫੀਡ

ਗੁਰੂ ਹਰ ਸਹਾਏ, 13 ਸਤੰਬਰ (ਹਰਚਰਨ ਸਿੰਘ ਸੰਧੂ)-ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਜਿਥੇ ਵੱਖ-ਵੱਖ ਜ਼ਿਲ੍ਹਿਆਂ ਅੰਦਰ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਲੋਕਾਂ ਨੂੰ ਰਾਸ਼ਨ ਸਮੱਗਰੀ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ ਦੇ ਸਰਹੱਦੀ ਖੇਤਰ ਵਿਚ ਲੰਘਦੇ ਸਤਲੁਜ ਦਰਿਆ ਦੇ ਪਾਣੀ ਨਾਲ ਅੱਧੀ ਦਰਜਨ ਪਿੰਡਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ ਅਤੇ ਲੋਕਾਂ ਦੇ ਘਰਾਂ ਤੱਕ ਪਾਣੀ ਪਹੁੰਚ ਗਿਆ ਸੀ।
ਗੁਰੂ ਹਰ ਸਹਾਏ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਦੀ ਮੰਗ ਉਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਗੁਰੂ ਹਰ ਸਹਾਏ ਹਲਕੇ ਦੇ ਸਰਹੱਦੀ ਪਿੰਡ ਗਜਨੀਵਾਲਾ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੌਕੇ ਉਤੇ ਹੀ ਕਿਸਾਨਾਂ ਦੀ ਸਹੂਲਤ ਲਈ ਇਕ ਇੰਜਣ ਵਾਲਾ ਵੱਡਾ ਬੇੜਾ ਲੋਕਾਂ ਨੂੰ ਮੁਹੱਈਆ ਕਰਵਾਇਆ ਤਾਂ ਜੋ ਲੋਕ ਦਰਿਆ ਤੋਂ ਪਾਰ ਜਾ ਕੇ ਆਪਣਾ ਖੇਤੀਬਾੜੀ ਦਾ ਕੰਮਕਾਰ ਕਰ ਸਕਣ ਅਤੇ ਔਖੇ ਵੇਲੇ ਇਹ ਇੰਜਣ ਵਾਲਾ ਬੇੜਾ ਮਦਦਗਾਰ ਸਾਬਤ ਹੋ ਸਕੇ।
ਪਿੰਡ ਗੱਟੀ ਮੱਤੜ ਲਈ ਬੇੜੇ ਦੇ ਇੰਜਣ ਲਈ ਇਕ ਲੱਖ ਰੁਪਏ ਮੌਕੇ ਉਤੇ ਦਿੱਤੇ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕਾਂਗਰਸ ਪਾਰਟੀ ਵਲੋਂ ਲਿਆਂਦੀ ਪਸ਼ੂਆਂ ਦੀ ਫੀਡ ਵੀ ਵੰਡੀ ਅਤੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਂਗਰਸ ਪਿੱਛੇ ਨਹੀਂ ਹਟੇਗੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜੀਰਾ, ਗੁਰੂ ਹਰ ਸਹਾਏ ਹਲਕੇ ਦੇ ਗੁਰਦੀਪ ਸਿੰਘ ਢਿੱਲੋਂ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਅਤੇ ਹੋਰ ਆਗੂ ਮੌਜੂਦ ਸਨ। ਲੋਕਾਂ ਨੇ ਇਸ ਸਮੇਂ ਆਪਣੀਆਂ ਬਾਰਡਰ ਪੱਟੀ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਸਰਹੱਦੀ ਖੇਤਰ ਦੇ ਲੋਕਾਂ ਨੂੰ ਕਦੇ ਸੰਗ ਦਾ ਮਾਹੌਲ ਬਣਾ ਕੇ ਉਜਾੜਿਆ ਜਾ ਰਿਹਾ ਹੈ ਅਤੇ ਕਦੇ ਪਾਣੀ ਛੱਡ ਕੇ ਬਰਬਾਦ ਕੀਤਾ ਜਾ ਰਿਹਾ ਹੈ, ਜਿਸ ਦਾ ਤੁਰੰਤ ਹੱਲ ਕਰਨ ਦੀ ਲੋੜ ਹੈ ਤਾਂ ਜੋ ਸਰਹੱਦੀ ਖੇਤਰ ਦੇ ਲੋਕ ਵੀ ਦੂਜਿਆਂ ਵਾਂਗ ਆਪਣੀ ਜ਼ਿੰਦਗੀ ਬਤੀਤ ਕਰ ਸਕਣ। ਕਾਂਗਰਸੀ ਆਗੂਆਂ ਨੇ ਭਰੋਸਾ ਦਿੱਤਾ ਕਿ ਜਦੋਂ ਵੀ ਕੇਂਦਰ ਵਿਚ ਅਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੀ ਸਾਰੇ ਪੰਜਾਬ ਵਾਸੀਆਂ ਸਮੇਤ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਮੁੱਢਲੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਉਤੇ ਪੂਰਾ ਕੀਤਾ ਜਾਵੇਗਾ।