ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਪਠਾਨਕੋਟ, 13 ਸਤੰਬਰ (ਸੰਧੂ)-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਜ਼ਿਲ੍ਹਾ ਪਠਾਨਕੋਟ ਅਧੀਨ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ। ਅਸ਼ਵਨੀ ਸ਼ਰਮਾ ਕੋਹਲੀਆਂ, ਮੰਜਿਰੀ ਅਤੇ ਪੰਮਾ ਵਰਗੇ ਪਿੰਡਾਂ ਵਿਚ ਪਹੁੰਚੇ। ਪ੍ਰਭਾਵਿਤ ਪਰਿਵਾਰਾਂ ਨਾਲ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਇਸ ਗੰਭੀਰ ਸਥਿਤੀ ਵਿਚ ਪੰਜਾਬੀ ਇਕੱਲੇ ਨਹੀਂ ਹਨ, ਭਾਜਪਾ ਹਰ ਸਮੇਂ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਲੋਕਾਂ ਨੂੰ ਜਾਇਦਾਦ, ਖੇਤੀਬਾੜੀ ਅਤੇ ਪਸ਼ੂ ਪਾਲਣ ਵਿਚ ਭਾਰੀ ਨੁਕਸਾਨ ਹੋਇਆ ਹੈ, ਜਿਸ ਕਾਰਨ ਪਰਿਵਾਰ ਬਹੁਤ ਪਰੇਸ਼ਾਨ ਹਨ। ਅਜਿਹੀ ਸਥਿਤੀ ਵਿਚ, ਪੰਜਾਬ ਸਰਕਾਰ ਨੂੰ ਤੁਰੰਤ ਇਕ ਵੱਡੇ ਰਾਹਤ ਪੈਕੇਜ ਦਾ ਐਲਾਨ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਹਾਇਤਾ ਪ੍ਰਦਾਨ ਕਰਨ ਦੀ ਲੋੜ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਮਦਦ ਲਈ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਾਜਪਾ ਇਹ ਯਕੀਨੀ ਬਣਾਏਗੀ ਕਿ ਪੰਜਾਬ ਦੇ ਲੋਕਾਂ ਨੂੰ ਵੀ ਇਸਦਾ ਪੂਰਾ ਲਾਭ ਮਿਲੇ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪੀੜਤਾਂ ਨੂੰ ਰਾਹਤ ਸਮੱਗਰੀ, ਰਾਸ਼ਨ ਅਤੇ ਹੋਰ ਜ਼ਰੂਰੀ ਚੀਜ਼ਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡਾਂ ਵਿਚ ਬਿਜਲੀ, ਪਾਣੀ ਅਤੇ ਸੈਨੀਟੇਸ਼ਨ ਨਾਲ ਸਬੰਧਿਤ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ। ਅਸ਼ਵਨੀ ਸ਼ਰਮਾ ਦੇ ਨਾਲ ਸੂਬਾ ਸਕੱਤਰ ਰਾਕੇਸ਼ ਸ਼ਰਮਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਵਿਧਾਇਕ ਸੀਮਾ ਦੇਵੀ, ਸਾਬਕਾ ਮੰਡਲ ਪ੍ਰਧਾਨ ਸ਼ਮਸ਼ੇਰ ਠਾਕੁਰ, ਮੰਡਲ ਪ੍ਰਧਾਨ ਵਿਸ਼ਾਲ, ਰਿੰਕੂ, ਬਾਲਾ ਸਲਾਰੀਆ, ਜਗਦੀਸ਼, ਸਰਪੰਚ ਸੁਰੇਸ਼ ਭਗਤ, ਦੇਵਦੱਤ ਸ਼ਰਮਾ, ਰਾਜੇਸ਼ ਬੇਰਮਪੁਰ, ਸੰਜੀਵ ਜੱਗੀ, ਮਦਨ ਵਰਮਾ ਆਦਿ ਮੌਜੂਦ ਸਨ।