ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ ਤੇ ਹੜ੍ਹ ਪ੍ਭਾਵਿਤ ਖੇਤਰ ਅਜਨਾਲਾ, ਰਮਦਾਸ ਲਈ ਹੋਏ ਰਵਾਨਾ


ਰਾਜਾਸਾਂਸੀ (ਅੰਮ੍ਰਿਤਸਰ), 15 ਸਤੰਬਰ (ਹਰਦੀਪ ਸਿੰਘ ਖੀਵਾ) - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਸ਼ੇਸ਼ ਉਡਾਣ ਰਾਹੀਂ ਪਹੁੰਚੇ ਹਨ। ਉਹ ਇਥੋਂ ਗੱਡੀਆਂ ਦੇ ਕਾਫਲੇ ਰਾਹੀਂ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਵਾਨਾ ਹੋਏ। ਇਥੋਂ ਰਵਾਨਾ ਹੋਣ ਸਮੇਂ ਉਹਨਾਂ ਦੇ ਨਾਲ ਪੰਜਾਬ ਪ੍ਦੇਸ਼ ਕਾਂਗਰਸ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਓਮ ਪ੍ਕਾਸ਼ ਸੋਨੀ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਸਰਕਾਰੀਆ, ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਪ੍ਧਾਨ ਤੇ ਹਲਕਾ ਅਜਨਾਲਾ ਦੇ ਇੰਚਾਰਜ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਤਿ੍ਪਤਾ ਰਜਿੰਦਰ ਸਿੰਘ ਬਾਜਵਾ, ਡਾਕਟਰ ਰਾਜ ਕੁਮਾਰ, ਸੁਨੀਲ ਦੱਤੀ ਤੇ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ। ਰਾਹੁਲ ਗਾਂਧੀ ਦਾ ਇਹ ਦੌਰਾ ਰਾਜਨੀਤਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆਂ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਅੰਮਿ੍ਤਸਰ ਹਵਾਈ ਅੱਡੇ ਤੋਂ ਸਿੱਧੇ ਅਜਨਾਲਾ, ਰਾਮਦਾਸ ਦੇ ਹੜ੍ਹ ਪ੍ਭਾਵਿਤ ਖੇਤਰਾਂ ਵਿਚ ਜਾਣਗੇ, ਜਿਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਤੋਂ ਇਲਾਵਾ ਉਹ ਰਾਮਦਾਸ ਵਿਚ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਉਹ ਗੁਰਦੁਆਰੇ ਵਿਚ ਸੇਵਾ ਕਰ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕਰਨਗੇ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੇ ਨਾਲ ਹੀ, ਉਹ ਰਾਹਤ ਕਾਰਜਾਂ ਦੀ ਸਮੀਖਿਆ ਕਰਨਗੇ ਅਤੇ ਰਾਹਤ ਸਮੱਗਰੀ ਅਤੇ ਪੁਨਰਵਾਸ ਕਾਰਜਾਂ ਦੀ ਸਥਿਤੀ ਬਾਰੇ ਚਰਚਾ ਕਰਨ ਲਈ ਸਥਾਨਕ ਪ੍ਰਸ਼ਾਸਨ ਅਤੇ ਸੰਗਠਨਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਰਾਹੁਲ ਗਾਂਧੀ ਗੁਰਦਾਸਪੁਰ ਜਾਣਗੇ, ਜਿਥੇ ਉਹ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ। ਉਹ ਸਥਾਨਕ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨਗੇ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਮਦਦ ਦੀ ਸਭ ਤੋਂ ਵੱਧ ਲੋੜ ਹੈ। ਇਸ ਦੌਰੇ ਤੋਂ ਬਾਅਦ ਰਾਹੁਲ ਗਾਂਧੀ ਸ਼ਾਮ ਤੱਕ ਦਿੱਲੀ ਵਾਪਸ ਪਰਤ ਜਾਣਗੇ।