ਸ੍ਰੀ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਸਿੱਖ ਜਥੇ ’ਤੇ ਕੇਂਦਰ ਸਰਕਾਰ ਵਲੋਂ ਪਾਬੰਦੀ ਲਗਾਉਣਾ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ - ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 15 ਸਤੰਬਰ (ਜਸਵੰਤ ਸਿੰਘ ਜੱਸ)- ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਕੇਂਦਰ ਸਰਕਾਰ ਵਲੋਂ ਇਜਾਜ਼ਤ ਨਾ ਦਿੱਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਕਿਹਾ ਕਿ ਨਨਕਾਣਾ ਸਾਹਿਬ ਗੁਰਪੁਰਬ ਮਨਾਉਣ ਜਾ ਰਹੇ ਜਥੇ ਤੇ ਭਾਰਤ ਸਰਕਾਰ ਵਲੋਂ ਲਗਾਈ ਪਾਬੰਦੀ ਸਿੱਖਾਂ ਦੇ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਜੇ ਭਾਰਤ-ਪਾਕਿਸਤਾਨ ਦਰਮਿਆਨ ਮੈਚ ਹੋ ਸਕਦਾ ਤਾਂ ਸਿੱਖ ਯਾਤਰੀਆਂ ’ਤੇ ਪਾਬੰਦੀ ਕਿਉਂ ਲਗਾਈ ਗਈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੰਗ ਦੀ ਆੜ ਵਿਚ ਕਰਤਾਰਪੁਰ ਕੋਰੀਡੋਰ ਨਾ ਖੋਲ੍ਹਣਾ ਭਾਰਤ ਸਰਕਾਰ ਦੀ ਸਿੱਖਾਂ ਪ੍ਰਤੀ ਬੇਈਮਾਨੀ ਨੂੰ ਪੇਸ਼ ਕਰਦੀ ਤਸਵੀਰ ਹੈ।
ਉਨ੍ਹਾਂ ਭਾਰਤ ਸਰਕਾਰ ਨੂੰ ਧਿਆਨ ਦਿਵਾਉਂਦੇ ਹੋਏ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹੋਈਆਂ ਤਿੰਨ ਜੰਗਾਂ ਦੌਰਾਨ ਵੀ ਯਾਤਰਾ ਨਹੀਂ ਰੋਕੀ ਗਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਦੇ ਮਾਮਲੇ ਵਿਚ ਕੇਂਦਰੀ ਏਜੰਸੀਆਂ ਭਾਰਤ ਸਰਕਾਰ ਨੂੰ ਗਲਤ ਰਸਤੇ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਾਬੰਦੀ ਮੁਗਲ ਕਾਲ ਸਮੇਂ ਵੀ ਨਹੀਂ ਲੱਗੀ। ਗਿਆਨੀ ਹਰਪ੍ਰੀਤ ਸਿੰਘ ਨੇ ਮੰਗ ਕੀਤੀ ਹੀ ਭਾਰਤ ਸਰਕਾਰ ਸਿੱਖਾਂ ਭਾਈਚਾਰੇ ਨਾਲ ਵਿਤਕਰੇਬਾਜ਼ੀ ਦੂਰ ਕਰਦੇ ਹੋਏ ਤੁਰੰਤ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਵੇ ਅਤੇ ਕਰਤਾਰਪੁਰ ਸਾਹਿਬ ਕੋਰੀਡੋਰ ਤੁਰੰਤ ਖੋਲ੍ਹੇ ਜਾਣ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿਚ ਸ਼ਾਮਿਲ ਸੰਗਤ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਕੇਂਦਰ ਸਰਕਾਰ ਤੁਰੰਤ ਪਾਕਿਸਤਾਨ ਸਰਕਾਰ ਨਾਲ ਰਾਬਤਾ ਕਾਇਮ ਕਰੇ।