ਭਾਜਪਾ ਵਲੋਂ ਪੰਜਾਬ ਸਰਕਾਰ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ, 12 ਹਜ਼ਾਰ ਕਰੋੜ ਰੁਪਏ ਦਾ ਮੰਗਿਆ ਹਿਸਾਬ

ਬਰਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ ਵਿਚ ਕਚਹਿਰੀ ਚੌਂਕ ਬਰਨਾਲਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ, ਸਾਬਕਾ ਵਿਧਾਇਕਾ ਬੀਬੀ ਹਰਚੰਦ ਕੌਰ ਘਨੌਰੀ ਅਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਮੇਂ ਸਮੇਂ ਉਪਰ ਹੜ੍ਹਾਂ ਅਤੇ ਹੋਰ ਆਫਤਾਂ ਸੰਬੰਧੀ ਪੰਜਾਬ ਸਰਕਾਰ ਨੂੰ ਜੋ ਐਸ.ਡੀ.ਆਰ.ਐਫ਼. ਦਾ 12 ਹਜ਼ਾਰ ਕਰੋੜ ਰੁਪਏ ਭੇਜਿਆ ਗਿਆ ਹੈ, ਉਹ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਵੱਡਾ ਘਪਲਾ ਕਰਕੇ ਖੁਰਦ ਬੁਰਦ ਕਰ ਦਿੱਤਾ ਗਿਆ ਹੈ ਪਰ ਇਸ ਦਾ ਹਿਸਾਬ ਹੁਣ ਪੰਜਾਬ ਦੀ ਜਨਤਾ ਵਲੋਂ ਮੰਗਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਬਿਲਕੁਲ ਵੀ ਸਾਰ ਨਹੀਂ ਲਈ ਗਈ ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਫੌਰੀ ਤੌਰ ’ਤੇ 1600 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ। ਉਕਤ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਐਸ.ਡੀ.ਆਰ.ਐਫ਼. ਦੇ 12 ਹਜ਼ਾਰ ਕਰੋੜ ਰੁਪਏ ਦੀ ਕੀਤੀ ਗਈ ਦੁਰਵਰਤੋਂ ਦੀ ਵੱਡੀ ਪੱਧਰ ’ਤੇ ਜਾਂਚ ਕਰਵਾਈ ਜਾਵੇ।