ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਕੋਟਫੱਤਾ ਦੇ ਨੌਜਵਾਨ ਦੀ ਮੌਤ

ਕੋਟਫੱਤਾ, (ਬਠਿੰਡਾ),18 ਸਤੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਫੱਤਾ 'ਚ ਇਕ 24 ਸਾਲਾ ਨੌਜਵਾਨ ਸੰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਖਾਲਸਾ ਦੀ ਚਿੱਟੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ। ਐਂਟੀ ਡਰੱਗ ਫੋਰਸ ਦੇ ਪਰਵਿੰਦਰ ਸਿੰਘ ਝੋਟਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੀ ਟੀਮ ਦੇ ਮੈਂਬਰ ਨੌਜਵਾਨ ਦੇ ਪਿਤਾ ਦਰਸ਼ਨ ਸਿੰਘ ਖਾਲਸਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਚਿੱਟੇ ਦੀ ਸਪਲਾਈ ਘਰ-ਘਰ ਪਹੁੰਚ ਰਹੀ ਹੈ ਤੇ ਇਥੇ ਪਹਿਲਾਂ ਵੀ ਕਾਫੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਮਜ਼ਦੂਰ ਮੁਕਤੀ ਮੋਰਚਾ ਨੇ ਲਾਸ਼ ਥਾਣੇ ਵਿਚ ਰੱਖ ਕੇ ਧਰਨਾ ਦਿੱਤਾ। ਪਰਵਿੰਦਰ ਸਿੰਘ ਝੋਟਾ ਦਾ ਕਹਿਣਾ ਸੀ ਕਿ ਪਿੰਡ ਵਿਚ ਥਾਣਾ ਹੋਣ ਦੇ ਬਾਵਜੂਦ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਤੇ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਸਭ ਦੇਖ ਰਿਹਾ ਹੈ। ਸੀ.ਪੀ.ਆਈ.ਐਮ.ਐਲ. ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਸੰਦੀਪ ਸਿੰਘ ਮਿਹਨਤ ਮਜ਼ਦੂਰੀ ਕਰਨ ਵਾਲਾ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਸੀ।
ਉਨ੍ਹਾਂ ਚਿੱਟੇ ਦੇ ਤਸਕਰਾਂ ਖਿਲਾਫ ਕਾਰਵਾਈ ਕਰਨ ਤੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ ਤੇ ਵਾਅਦੇ ਮੁਤਾਬਕ ਸਰਕਾਰ ਤੋਂ ਸੰਬੰਧਿਤ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਵੀ ਕੀਤੀ। ਨੌਜਵਾਨ ਸੰਦੀਪ ਸਿੰਘ ਦੀ ਲਾਸ਼ ਬਠਿੰਡਾ ਦੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਲਿਜਾਈ ਗਈ, ਜਿਸਦਾ ਸਸਕਾਰ ਸ਼ੁੱਕਰਵਾਰ ਸਵੇਰੇ ਕੀਤਾ ਜਾਵੇਗਾ।