JALANDHAR WEATHER

ਹੜ੍ਹ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਲਈ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਜਨਾਲਾ ਪੁੱਜੇ

ਅਜਨਾਲਾ, (ਅੰਮ੍ਰਿਤਸਰ), 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਕਸਬਾ ਅਜਨਾਲਾ, ਰਮਦਾਸ ਅਤੇ ਹਲਕਾ ਰਾਜਾਸਾਂਸੀ ਦੇ ਕੁਝ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਅਹੁਦੇਦਾਰਾਂ ਤੇ ਆਗੂਆਂ ਵਲੋਂ ਕੀਤੇ ਜਾ ਰਹੇ ਹੜ੍ਹ ਰਾਹਤ ਕੰਮਾਂ ਦਾ ਜਾਇਜ਼ਾ ਲੈਣ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਗਲੇਰੀ ਰਣਨੀਤੀ ਉਲੀਕਣ ਲਈ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਜਨਾਲਾ ਪਹੁੰਚੇ ਹੋਏ ਹਨ। ਇਸ ਮੌਕੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਕ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ, ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪਰਾਸ਼ਰ ਅਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਵੀ ਉਨ੍ਹਾਂ ਦੇ ਨਾਲ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਭਾਜਪਾ ਵਲੋਂ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਫੌਰੀ ਰਾਹਤ ਵਜੋਂ 1600 ਕਰੋੜ ਰੁਪਏ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਹੀ ਕੇਂਦਰ ਸਰਕਾਰ ਵਲੋਂ ਹੜ੍ਹਾਂ ਦੀ ਮਾਰ ਝੱਲ ਰਹੀ ਪੰਜਾਬ ਲਈ 240 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਾਕਾਮੀ ਅਤੇ ਹੜ੍ਹਾਂ ਦੇ ਅਗਾਊ ਪ੍ਰਬੰਧ ਸਹੀ ਢੰਗ ਨਾਲ ਨਾ ਹੋਣ ਕਰਕੇ ਹੀ ਹੜ੍ਹ ਆਏ ਹਨ।


ਉਨ੍ਹਾਂ ਇਹ ਵੀ ਕਿਹਾ ਕਿ ਹੜ੍ਹਾਂ ਤੋਂ ਪੀੜਤ ਕਿਸਾਨਾਂ ਦੀ ਭਾਰਤੀ ਜਨਤਾ ਪਾਰਟੀ ਵਲੋਂ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ ਅਤੇ ਜਿੰਨ੍ਹਾ ਖੇਤਾਂ ਵਿਚ ਰੇਤ, ਭਲ ਜਾਂ ਸਿਲਟ ਭਰ ਗਈ ਹੈ, ਉਸ ਨੂੰ ਕਿਸ ਤਰ੍ਹਾਂ ਬਾਹਰ ਕੱਢਣਾ ਹੈ, ਸੰਬੰਧੀ ਵੀ ਪਾਰਟੀ ਵਲੋਂ ਰਣਨੀਤੀ ਬਣਾਈ ਗਈ ਹੈ। ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਗੇ ਕਿਹਾ ਕਿ ਡਿਜ਼ਾਸਟਰ ਮੈਨੇਜਮੈਂਟ ਲਈ ਜੋ ਵੀ ਕਿਸੇ ਰਾਜ ਨੂੰ ਪੈਸਾ ਆਉਂਦਾ ਹੈ, ਉਹ ਕਦੇ ਵੀ ਵਾਪਸ ਨਹੀਂ ਜਾਂਦਾ ਸਗੋਂ ਜਦੋਂ ਕਦੇ ਵੀ ਅਜਿਹੀ ਕੁਦਰਤੀ ਆਫ਼ਤ ਆ ਜਾਵੇ ਤਾਂ ਇਹ ਪੈਸਾ ਵਰਤਿਆ ਜਾਂਦਾ ਹੈ।


ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏ ਜਾਣ ’ਤੇ ਆਪਣੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਵਲੋਂ ਸਾਢੇ ਤਿੰਨ ਸਾਲਾਂ ਦੌਰਾਨ ਜਿੰਨੇ ਵੀ ਸੈਸ਼ਨ ਬੁਲਾਏ ਗਏ ਹਨ, ਉਨ੍ਹਾਂ ਵਿਚ ਇਨ੍ਹਾਂ ਵਲੋਂ ਕਦੇ ਵੀ ਸਾਰਥਕ ਚਰਚਾ ਨਹੀਂ ਕੀਤੀ ਗਈ ਜਦਕਿ ਪਿਛਲੀਆਂ ਸਰਕਾਰਾਂ ਵਲੋਂ ਬੁਲਾਏ ਸੈਸ਼ਨਾਂ ਦੌਰਾਨ ਚਰਚਾ ਹੁੰਦੀ ਸੀ ਅਤੇ ਸਮੱਸਿਆ ਦੇ ਹੱਲ ਲਈ ਵਿਚਾਰ ਵਟਾਂਦਰਾ ਹੁੰਦਾ ਸੀ ਪਰ ਹੁਣ ਤਾਂ ਹੱਲਾ ਗੁੱਲਾ ਹੋਣ ਤੋਂ ਸਿਵਾਏ ਹੋਰ ਕੁਝ ਨਹੀਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ