ਸਰਕਾਰ ਵਲੋਂ ਡੀ. ਏ. ਦੀ ਕਿਸ਼ਤ ਜਾਰੀ ਨਾ ਕਰਨ 'ਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਵਲੋਂ ਨਾਅਰੇਬਾਜ਼ੀ

ਸੁਲਤਾਨਪੁਰ ਲੋਧੀ, 13 ਅਕਤੂਬਰ (ਥਿੰਦ)-ਸੂਬਾ ਸਰਕਾਰ ਵਲੋਂ ਦੀਵਾਲੀ ਤੋਂ ਪਹਿਲਾਂ ਬਕਾਇਆ ਰਹਿੰਦੀ 16 ਫੀਸਦੀ ਡੀ. ਏ. ਦੀ ਕਿਸ਼ਤ ਜਾਰੀ ਨਾ ਕੀਤੇ ਜਾਣ ਉਤੇ ਰੋਸ ਵਿਚ ਆਏ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸੂਬੇ ਭਰ ਦੇ ਮੁਲਾਜ਼ਮ ਐਤਕੀਂ ਡੀ. ਏ. ਦੀ ਕਿਸ਼ਤ ਜਾਰੀ ਨਾ ਕੀਤੇ ਜਾਣ ਉਤੇ ਕਾਲੀ ਦੀਵਾਲੀ ਮਨਾਉਣਗੇ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ ਅਤੇ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ ਨੇ ਕਿਹਾ ਕਿ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਨੂੰ 58 ਪ੍ਰਤੀਸ਼ਤ ਡੀ. ਏ. ਦਿੱਤਾ ਜਾ ਰਿਹਾ ਹੈ ਜਦਕਿ ਤਨਦੇਹੀ ਨਾਲ ਕੰਮ ਕਰਨ ਵਾਲੇ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਅਤੇ ਹਰਿਆਣਾ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ 16 ਫੀਸਦੀ ਡੀ.ਏ. ਦੀ ਕਿਸ਼ਤ ਜਾਰੀ ਕਰਕੇ ਕੇਂਦਰ ਸਰਕਾਰ ਦੇ ਡੀ.ਏ. ਦੇ ਬਰਾਬਰ ਕਰ ਦਿੱਤਾ ਹੈ ਜਦਕਿ ਪੰਜਾਬ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਦੇ ਬਾਵਜੂਦ ਵੀ ਇਸ ਉੱਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਅਤੇ ਦੀਵਾਲੀ ਤੋਂ ਪਹਿਲਾਂ ਡੀ.ਏ. ਦੀ ਕਿਸ਼ਤ ਜਾਰੀ ਨਾ ਕੀਤੀ ਤਾਂ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਨੇ ਬਕਾਇਆ ਪੇਂਡੂ ਭੱਤੇ ਅਜੇ ਤੱਕ ਜਾਰੀ ਨਹੀਂ ਕੀਤੇ। ਉਨ੍ਹਾਂ ਕਿਹਾ ਕਿ 16 ਨਵੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਸਾਂਝੇ ਮੋਰਚੇ ਵਲੋਂ ਕੀਤੀ ਜਾ ਰਹੀ ਰੈਲੀ ਵਿਚ ਕਪੂਰਥਲਾ ਜ਼ਿਲ੍ਹੇ ਤੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਤੁਰੰਤ ਨੋਟੀਫਿਕੇਸ਼ਨ ਜਾਰੀ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨਾਲ ਚੋਣਾਂ ਤੋਂ ਪਹਿਲਾਂ ਵੱਡਾ ਵਾਅਦਾ ਕੀਤਾ ਗਿਆ ਸੀ ਪਰ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜੇਕਰ ਅਧਿਆਪਕਾਂ ਦੀਆਂ ਬੇਲੋੜੀਆਂ ਡਿਊਟੀਆਂ ਲਾਈਆਂ ਗਈਆਂ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਵਿਭਾਗ ਤੋਂ ਮੰਗ ਕੀਤੀ ਕਿ 2024 ਵਿਚ ਪਦਉੱਨਤ ਕੀਤੇ ਗਏ ਲੈਕਚਰਾਰਾਂ ਦੀਆਂ ਬਦਲੀਆਂ ਵੀ ਤੁਰੰਤ ਕੀਤੀਆਂ ਜਾਣ। ਇਸ ਦੌਰਾਨ ਪ੍ਰਦੀਪ ਸਿੰਘ ਘੁਮਾਣ, ਬਲਜੀਤ ਸਿੰਘ ਟਿੱਬਾ, ਸੁਖਦੇਵ ਸਿੰਘ ਬੂਲਪੁਰ, ਕੰਵਰਦੀਪ ਸਿੰਘ ਕੇ.ਡੀ., ਜਗਜੀਤ ਸਿੰਘ (ਸਾਰੇ ਬਲਾਕ ਪ੍ਰਧਾਨ) ਅਜੇ ਗੁਪਤਾ, ਜਗਮੋਹਣ ਸਿੰਘ, ਅਮਨਦੀਪ ਸਿੰਘ ਜੱਬੋਵਾਲ, ਜਸਵਿੰਦਰ ਸਿੰਘ ਸ਼ਿਕਾਰਪੁਰ, ਸੁਖਵਿੰਦਰ ਸਿੰਘ ਕਾਲੇਵਾਲ, ਰੇਸ਼ਮ ਸਿੰਘ ਬੂੜੇਵਾਲ, ਕੋਚ ਮਨਜਿੰਦਰ ਸਿੰਘ ਦੰਦੂਪੁਰ, ਯਾਦਵਿੰਦਰ ਸਿੰਘ ਪੰਡੋਰੀ, ਕਮਲਪ੍ਰੀਤ ਕੌੜਾ, ਪਰਮਿੰਦਰ ਸਿੰਘ ਟੋਡਰਵਾਲ, ਅਵਤਾਰ ਸਿੰਘ ਹੈਬਤਪੁਰ, ਗੁਰਪ੍ਰੀਤ ਸਿੰਘ ਬੂਲਪੁਰ, ਸੁਖਦੀਪ ਸਿੰਘ ਜ਼ੈਲਦਾਰ, ਗੁਰਪ੍ਰੀਤ ਸਿੰਘ ਮਹਿਰਵਾਲਾ, ਰੁਪਿੰਦਰ ਰਾਜਾ, ਹਰਵੇਲ ਸਿੰਘ ਸਾਬੂਵਾਲ, ਲਖਵਿੰਦਰ ਸਿੰਘ ਕੋਲੀਆਂ ਵਾਲ ਆਦਿ ਹਾਜ਼ਰ ਸਨ।