350 ਸਾਲਾ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਅਲਵਰ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ

ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਅਲਵਰ ਰਾਜਸਥਾਨ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਦਿੱਲੀ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
ਉਨ੍ਹਾਂ ਨੌਵੇਂ ਪਾਤਿਸ਼ਾਹ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ ਮਹੀਨੇ ਹੋ ਰਹੇ ਸ਼ਤਾਬਦੀ ਸਮਾਗਮਾਂ ਸਮੇਂ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸ. ਹਰਪ੍ਰੀਤ ਸਿੰਘ ਬੱਗਾ, ਸ. ਸਲੋਕ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਸ਼ਰਧਾ ਨਾਲ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ ਗਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕੰਗ, ਮੀਤ ਸਕੱਤਰ ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਜਸਬੀਰ ਸਿੰਘ, ਰਾਜਸਥਾਨ ਸਿੱਖ ਮਿਸ਼ਨ ਦੇ ਇੰਚਾਰਜ ਭਾਈ ਜਰਨੈਲ ਸਿੰਘ, ਸਿੱਖ ਮਿਸ਼ਨ ਮੱਧ ਪ੍ਰਦੇਸ਼ ਦੇ ਇੰਚਾਰਜ ਸ. ਬਲਦੇਵ ਸਿੰਘ, ਸੁਪਰਵਾਈਜ਼ਰ ਸ. ਦਰਸ਼ਨ ਸਿੰਘ, ਸ. ਭੁਪਿੰਦਰ ਸਿੰਘ, ਸ. ਮੋਹਨਦੀਪ ਸਿੰਘ, ਸ. ਮਿਲਖਾ ਸਿੰਘ, ਸ. ਹਰਪ੍ਰੀਤ ਸਿੰਘ ਜੰਡਿਆਲਾ, ਮੀਤ ਮੈਨੇਜਰ ਸ. ਅਮਰਜੀਤ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।