JALANDHAR WEATHER

ਪ੍ਰਕਾਸ਼ ਪੁਰਬ ਨੂੰ ਲੈਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਤਿਆਰੀਆਂ ਜ਼ੋਰਾਂ ਤੇ

ਸੁਲਤਾਨਪੁਰ ਲੋਧੀ (ਕਪੂਰਥਲਾ), 28 ਅਕਤੂਬਰ (ਜਗਮੋਹਣ ਸਿੰਘ ਥਿੰਦ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਸਮੁੱਚੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਜਾ ਰਹੀਆਂ ਹਨ। ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਮੁੱਚੇ ਕੰਪਲੈਕਸ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਜਾ ਰਿਹਾ ਹੈ । ਗੁਰਦੁਆਰਾ ਸਾਹਿਬ ਦੇ ਦਰਬਾਰ ਹਾਲ, ਦਰਸ਼ਨੀ ਡਿਉੜੀ, ਭਾਈ ਮਰਦਾਨਾ ਦੀਵਾਨ ਹਾਲ, ਦਰਬਾਰ ਹਾਲ ਨੂੰ ਜਾਣ ਵਾਲੇ ਰਸਤੇ ਨੂੰ ਵਿਚ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਨਾਲ ਮਨਮੋਹਕ ਸਜਾਵਟ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਸਮੁੱਚੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ ਦੇਸ਼ ਵਿਦੇਸ਼ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਬੇਬੇ ਨਾਨਕੀ ਨਿਵਾਸ ਵਿਚ ਸੰਗਤਾਂ ਨੂੰ ਸਾਰੀਆਂ ਸਹੂਲਤਾਂ ਉਪਲੱਬਧ ਹੋਣਗੀਆਂ। ਇਸੇ ਤਰ੍ਹਾਂ ਦੋ ਮੰਜ਼ਿਲਾਂ ਲੰਗਰ ਹਾਲ ਵਿਚ ਸੰਗਤਾਂ ਲਈ 24 ਘੰਟੇ ਲੰਗਰ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵਲੋਂ ਕੰਟਰੋਲ ਰੂਮ ਵੀ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈਕੇ ਕੇ ਥਾਂ ਥਾਂ ਤੇ ਸੀਸੀਟੀਵੀ ਕੈਮਰੇ ਲਾਏ ਜਾ ਰਹੇ ਹਨ ਅਤੇ ਪਲ ਪਲ ਦੀ ਜਾਣਕਾਰੀ ਲਈ ਸਕਰੀਨਾਂ ਉਪਰ ਵਿਸ਼ੇਸ਼ ਟੀਮ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 3 ਅਤੇ 4 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 5 ਅਤੇ 6 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ਤੇ ਪਾਏ ਜਾਣਗੇ ਅਤੇ ਇਸ ਸਮੇਂ ਫੁੱਲਾਂ ਦੀ ਵਰਖਾ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਅਲੌਕਿਕ ਨਗਰ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਪੰਨ ਹੋਵੇਗਾ, ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ ਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸੇ ਦਿਨ ਸ਼ਾਮ ਦੇ 4 ਵਜੇ ਤੋਂ 16 ਨਵੰਬਰ ਨੂੰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਦੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸੱਜਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵਿਸ਼ਰੀ ਜਥੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ। ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਨੇ ਦੱਸਿਆ ਕਿ 5 ਨਵੰਬਰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਜਥੇਬੰਦੀਆਂ ਦੀਆਂ ਸੇਵਾ ਲਈ ਡਿਊਟੀਆਂ ਲਗਾਈਆਂ ਗਈਆਂ। ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਦੱਸਿਆ ਕਿ ਇਸ ਮੌਕੇ ਸੰਤ ਮਹਾਂਪੁਰਸ਼,ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਆਪਣੀ ਹਾਜ਼ਰੀ ਲਗਵਾਉਣਗੇ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਹੁਮ ਹੁਮਾ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚ ਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ