JALANDHAR WEATHER

ਸ਼ਰਧਾ ਭਾਵਨਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ

ਗੁਰੂ ਹਰ ਸਹਾਏ, 5 ਨਵੰਬਰ (ਕਪਿਲ ਕੰਧਾਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਹਿਰ ਦੇ ਗੁਰਦੁਆਰਾ ਸਿੱਖ ਸਨਾਤਨ ਧਰਮਸ਼ਾਲਾ ਵੱਡਾ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਭਾਈ ਦਲਜੀਤ ਸਿੰਘ ਗੱਬਰ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ 48 ਪ੍ਰਭਾਤ ਫੇਰੀਆਂ ਕੱਢੀਆਂ ਗਈਆਂ ਤੇ 15 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਨ੍ਹਾਂ ਕਿਹਾ ਕਿ ਇਸ ਮੌਕੇ ਜਲਾਲਾਬਾਦ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਉਨ੍ਹਾਂ ਕਿਹਾ ਕਿ ਗੁਰਪੁਰਬ ਨੂੰ ਲੈ ਕੇ 15 ਸ੍ਰੀ ਅਖੰਡ ਪਾਠਾਂ ਦੀ ਚੱਲ ਰਹੀ ਲੜੀ ਦੇ ਅੱਜ ਭੋਗ ਪਾਏ ਗਏ। ਇਸ ਉਪਰੰਤ ਭਾਈ ਦਲਜੀਤ ਸਿੰਘ ਗੱਬਰ, ਭਾਈ ਧਿਆਨ ਸਿੰਘ, ਭਾਈ ਕੁਲਵੰਤ ਸਿੰਘ ਰਾਗੀ ਜਥੇ ਵਲੋਂ ਇਲਾਹੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਗੁਰੂ ਜੀ ਦੁਆਰਾ ਦਰਸਾਏ ਗਏ ਮਾਰਗ ਉਤੇ ਚੱਲਣ ਲਈ ਸੰਗਤ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਰਮਿੰਦਰ ਸਿੰਘ ਆਵਲਾ ਨੇ ਜਿਥੇ ਆਈ ਹੋਈ ਸਮੂਹ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ, ਉਥੇ ਹੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਾ ਮਕਸਦ ਸਿਰਫ ਮਨਾਉਣਾ ਹੀ ਨਹੀਂ ਸਗੋਂ ਉਨ੍ਹਾਂ ਦੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਹੈ। ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸਿਰਫ ਸਿੱਖ ਧਰਮ ਵਾਲੇ ਹੀ ਨਹੀਂ ਸਗੋਂ ਸਾਰੇ ਲੋਕਾਂ ਲਈ ਇਕ ਅਮਨ ਅਤੇ ਪਿਆਰ ਦਾ ਪਵਿੱਤਰ ਦਿਹਾੜਾ ਹੈ। ਇਸ ਦੌਰਾਨ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਆਈ ਹੋਈ ਸੰਗਤ ਨੂੰ ਅਤੁੱਟ ਲੰਗਰ ਵੀ ਛਕਾਇਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ