ਨਿਹੰਗ ਸਿੰਘ ਜਥੇਬੰਦੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕੱਢਿਆ ਮਹੱਲਾ
ਸੁਲਤਾਨਪੁਰ ਲੋਧੀ (ਕਪੂਰਥਲਾ), 6 ਨਵੰਬਰ (ਅਮਰਜੀਤ ਕੋਮਲ,ਨਰੇਸ਼ ਹੈਪੀ, ਥਿੰਦ)-ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਨਿਹੰਗ ਸਿੰਘ ਫੌਜਾਂ ਨੇ ਮਹੱਲਾ ਕੱਢਿਆ ਜੋ ਕਿ ਗੁਰਦੁਆਰਾ ਅਕਾਲ ਬੁੰਗਾ, ਨਵਾਬ ਕਪੂਰ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਤੋਂ ਖਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਪੁੱਜਾ ਜਿਥੇ ਖੁੱਲ੍ਹੇ ਮੈਦਾਨ ਵਿਚ ਨਿਹੰਗ ਸਿੰਘ ਘੋੜ ਸਵਾਰਾਂ ਨੇ ਕਰਤਬ ਵਿਖਾਏ।
ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ। ਇਸ ਦੌਰਾਨ ਉੱਘੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਬਾਬਾ ਅਵਤਾਰ ਸਿੰਘ ਬਿਧੀ ਚੰਦ ਦਲ ਸੁਰ ਸਿੰਘ ਵਾਲੇ, ਬਾਬਾ ਜੋਗਾ ਸਿੰਘ ਮੁਖੀ ਮਿਸਲ ਸ਼ਹੀਦਾਂ, ਬਾਬਾ ਮੇਜਰ ਸਿੰਘ ਸੋਡੀ ਦਸਮੇਸ਼ ਤਰਨਾ ਦਲ, ਬਾਬਾ ਨਾਗਰ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਰਾਜਾ ਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ, ਬਾਬਾ ਚਰਨ ਸਿੰਘ ਫਤਿਹਗੜ੍ਹ ਸਾਹਿਬ ਤੋਂ ਇਲਾਵਾ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਅਕਾਲੀ ਫੌਜਾਂ ਨੇ ਸ਼ਮੂਲੀਅਤ ਕੀਤੀ।
;
;
;
;
;
;
;
;