ਮਜੀਠੀਆ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਬਹਿਸ ਜਾਰੀ
ਚੰਡੀਗੜ੍ਹ, 6 ਨਵੰਬਰ (ਸੰਦੀਪ ਕੁਮਾਰ ਮਾਹਨਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਦੌਰਾਨ ਅੱਜ ਤਿੱਖੀ ਬਹਿਸ ਹੋਈ। ਕੋਰਟ ਨੇ ਸਰਕਾਰ ਨੂੰ ਕਿਹਾ ਕਿ ਜਦੋਂ ਚਾਲਾਨ ਪੇਸ਼ ਹੋ ਚੁੱਕਾ ਹੈ, ਫਿਰ ਜ਼ਮਾਨਤ ਦਾ ਵਿਰੋਧ ਕਿਉਂ ਕੀਤਾ ਜਾ ਰਿਹਾ ਹੈ?
ਪੰਜਾਬ ਸਰਕਾਰ ਨੇ ਦੋ ਦਿਨ ਦਾ ਸਮਾਂ ਮੰਗਿਆ, ਪਰ ਕੋਰਟ ਨੇ ਸਾਫ਼ ਕਿਹਾ ਕਿ ਬਹਿਸ ਅੱਜ ਹੀ ਹੋਵੇਗੀ। ਕੋਰਟ ਨੇ ਟਿੱਪਣੀ ਕੀਤੀ ਕਿ ਜੋ ਦੋਸ਼ ਲਗਾਏ ਗਏ ਹਨ, ਉਹ ਟਰਾਇਲ ਦਾ ਵਿਸ਼ਾ ਹਨ। ਬਹਿਸ ਦੌਰਾਨ ਮਜੀਠੀਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਜਿਨ੍ਹਾਂ ਕੰਪਨੀਆਂ ਦੀ ਆਮਦਨ ’ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਹੈ, ਉਨ੍ਹਾਂ ਦੀ ਜਾਂਚ ਪਹਿਲਾਂ ਐਨ.ਡੀ.ਪੀ.ਐਸ. ਮਾਮਲੇ ਵਿਚ ਹੋ ਚੁੱਕੀ ਸੀ ਅਤੇ ਉਸ ਮਾਮਲੇ ਨੂੰ ਸੁਪਰੀਮ ਕੋਰਟ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਇਸ ’ਤੇ ਸਰਕਾਰ ਵਲੋਂ ਕਿਹਾ ਗਿਆ ਕਿ ਜਾਂਚ ਅਜੇ ਵੀ ਜਾਰੀ ਹੈ।
ਮਜੀਠੀਆ ਦੇ ਵਕੀਲਾਂ ਨੇ ਇਸ ’ਤੇ ਸਵਾਲ ਉਠਾਇਆ ਕਿ ਜਦੋਂ ਜਾਂਚ ਜਾਰੀ ਹੈ ਤਾਂ ਫਿਰ ਚਾਲਾਨ ਕਿਵੇਂ ਪੇਸ਼ ਕਰ ਦਿੱਤਾ ਗਿਆ?
ਸਰਕਾਰ ਪੱਖੋਂ ਦਲੀਲ ਦਿੱਤੀ ਗਈ ਕਿ ਇਹ ਕਰੋੜਾਂ ਰੁਪਏ ਦੇ ਘਪਲੇ ਦਾ ਮਾਮਲਾ ਹੈ, ਜਿਸ ’ਤੇ ਮਜੀਠੀਆ ਦੇ ਵਕੀਲ ਨੇ ਕਿਹਾ ਕਿ ਜਦੋਂ ਚਾਲਾਨ ਪੇਸ਼ ਹੋ ਚੁੱਕਾ ਹੈ ਤਾਂ ਮਜੀਠੀਆ ਨੂੰ ਜੇਲ੍ਹ ਵਿਚ ਰੱਖਣ ਦਾ ਕੀ ਤਰਕ ਹੈ? ਉਨ੍ਹਾਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਸਮਾਂ ਮੰਗ ਕੇ ਜ਼ਮਾਨਤ ਵਿਚ ਦੇਰੀ ਕਰ ਰਹੀ ਹੈ।
ਕੋਰਟ ਵਿਚ ਇਸ ਮਾਮਲੇ ’ਤੇ ਬਹਿਸ ਅਜੇ ਵੀ ਜਾਰੀ ਰਹੀ। ਪੰਜਾਬ ਦੇ ਐਡਵੋਕੇਟ ਜਨਰਲ ਨੇ 2 ਦਿਨ ਦਾ ਸਮਾਂ ਮੰਗਿਆ ਹੈ।
;
;
;
;
;
;
;
;