ਚੰਡੀਗੜ੍ਹ 'ਤੇ ਹਿਮਾਚਲ ਪ੍ਰਦੇਸ਼ ਦਾ ਵੀ ਪੂਰਾ ਹੱਕ - ਮੁੱਖ ਮੰਤਰੀ ਸੁੱਖੂ
ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ (ਜੇਐਸ ਨਿਕੂਵਾਲ)- ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਅਤੇ ਦਸਮੇਸ਼ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350 ਸਾਲਾ ਗੁਰਿਆਈ ਦਿਵਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਗੱਲਬਾਤ ਕਰਦੇ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਕਾਰਨ ਹੀ ਹਿੰਦੂ ਧਰਮ ਦੀ ਹੋਂਦ ਬਚੀ ਹੈ ਅਤੇ ਉਹ ਇਸ ਪਵਿੱਤਰ ਧਰਤੀ ਨੂੰ ਸਜਦਾ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਆਏ ਹਨ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਕਾਨੂੰਨ ਤਹਿਤ 1966 ਵਿਚ ਹਿਮਾਚਲ ਪ੍ਰਦੇਸ਼ ਵੀ ਪੰਜਾਬ ਨਾਲੋਂ ਵੱਖਰਾ ਹੋਇਆ ਹੈ। ਇਸੇ ਤਹਿਤ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ 'ਤੇ ਹਿਮਾਚਲ ਪ੍ਰਦੇਸ਼ ਦਾ ਵੀ ਪੂਰਾ ਹੱਕ ਹੈ ਅਤੇ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦਾ ਬਣਦਾ ਹਿੱਸਾ ਉਨ੍ਹਾਂ ਨੂੰ ਦਿੱਤਾ ਜਾਵੇ।
ਇਸ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ, ਨਾਲਾਗੜ੍ਹ ਤੋਂ ਵਿਧਾਇਕ ਹਰਦੀਪ ਸਿੰਘ ਬਾਵਾ, ਊਨਾ ਤੋਂ ਵਿਧਾਇਕ ਵਿਪਨ ਸ਼ਰਮਾ, ਜੁਗਰਾਜ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
;
;
;
;
;
;
;
;