ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਲੰਧਰ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਿਚ ਜਾਂਚ ਦੇ ਆਦੇਸ਼
ਅੰਮ੍ਰਿਤਸਰ, 21 ਜਨਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿਚ ਸਾਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿਚ ਅਜੇ ਵੀ ਢਿੱਲ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ।
ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਆਖਿਆ ਹੈ। ਜਥੇਦਾਰ ਗੜਗੱਜ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇਕ ਟੀਮ ਅੱਜ ਹੀ ਲੈ ਕੇ ਘਟਨਾ ਵਾਲੇ ਸਥਾਨ ’ਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸੰਬੰਧੀ ਰਿਪੋਰਟ ਭੇਜਣ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਸਮੁੱਚਾ ਜਾਇਜ਼ਾ ਲੈਣਗੇ।
ਜਥੇਦਾਰ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਹ ਬੇਅਦਬੀ ਕਰਵਾਉਣ ਵਾਲੇ ਸਾਜ਼ਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਨਸ਼ਰ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ।
ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵੀ ਪ੍ਰਾਪਤ ਹੋ ਰਹੀ ਹੈ ਕਿ ਸੰਬੰਧਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਰੀ ਹਦਾਇਤਾਂ ਮੁਤਾਬਕ ਪ੍ਰਬੰਧ ਪੁਖਤਾ ਨਹੀਂ ਹਨ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਇਸ ਮਾਮਲੇ ਵਿਚ ਪ੍ਰਬੰਧਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;