JALANDHAR WEATHER

ਅਧਿਆਪਕ ਯੋਗਤਾ ਟੈਸਟ ਦੇ ਖ਼ਿਲਾਫ਼ ਸੂਬਾ ਪੱਧਰੀ ਰੈਲੀ ਲਈ ਅਧਿਆਪਕਾ ਦਾ ਵੱਡਾ ਜੱਥਾ ਪਠਾਨਕੋਟ ਤੋਂ ਰਵਾਨਾ

ਪਠਾਨਕੋਟ 22 ਫਰਵਰੀ (ਸੰਧੂ) - ਸਾਂਝਾ ਅਧਿਆਪਕ ਮੋਰਚਾ ਦੇ ਬੈਨਰ ਹੇਠ ਅਧਿਆਪਕਾਂ ਦਾ ਇਕ ਵੱਡਾ ਜੱਥਾ, ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੀਆਂ ਲਾਜ਼ਮੀ ਸ਼ਰਤਾਂ ਅਤੇ ਸਿੱਖਿਆ ਵਿਭਾਗ ਦੀਆਂ ਕਥਿਤ ਦਮਨਕਾਰੀ ਨੀਤੀਆਂ ਦੇ ਵਿਰੋਧ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਚ ਸਿੱਖਿਆ ਮੰਤਰੀ ਦੇ ਖ਼ਿਲਾਫ਼ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿਚ ਹਿੱਸਾ ਲੈਣ ਲਈ ਪਠਾਨਕੋਟ ਜ਼ਿਲ੍ਹੇ ਤੋਂ ਰਵਾਨਾ ਹੋਇਆ।
ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ 'ਤੇ ਅਧਿਆਪਕ ਯੋਗਤਾ ਪ੍ਰੀਖਿਆ ਥੋਪ ਰਿਹਾ ਹੈ।ਮੌਜੂਦਾ ਅਧਿਆਪਕਾਂ ਨੂੰ ਇਸ ਪ੍ਰੀਖਿਆ ਨੂੰ ਮਜ਼ਬੂਰ ਕਰਨਾ ਬੇਇਨਸਾਫ਼ੀ ਹੈ। ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਵਿਭਾਗ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ ਅਤੇ ਉਨ੍ਹਾਂ 'ਤੇ ਮਾਨਸਿਕ ਦਬਾਅ ਪਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਹ ਨਿਯਮ ਉਨ੍ਹਾਂ ਦੀਆਂ ਤਰੱਕੀਆਂ ਅਤੇ ਹੋਰ ਲਾਭਾਂ ਨੂੰ ਰੋਕ ਰਹੇ ਹਨ। ਪੰਜਾਬ ਅਤੇ ਕੇਂਦਰ ਸਰਕਾਰਾਂ ਸੁਪਰੀਮ ਕੋਰਟ ਦੇ ਅਧਿਆਪਕ ਯੋਗਤਾ ਟੈਸਟ ਸੰਬੰਧੀ ਫੈਸਲੇ ਨੂੰ ਲਾਗੂ ਕਰ ਰਹੀਆਂ ਹਨ, ਪਰ 20-25 ਸਾਲਾਂ ਤੋਂ ਵੱਧ ਸਮੇਂ ਤੋਂ ਵਿਭਾਗ ਵਿਚ ਕੰਮ ਕਰ ਰਹੇ ਅਧਿਆਪਕਾਂ 'ਤੇ ਇਹ ਟੈਸਟ ਕਿਵੇਂ ਲਗਾਇਆ ਜਾ ਸਕਦਾ ਹੈ? ਉਨ੍ਹਾਂ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਠੋਸ ਫੈਸਲਾ ਲੈਣ ਦੀ ਅਪੀਲ ਕੀਤੀ।
ਕੇਂਦਰ ਸਰਕਾਰ ਨੂੰ ਇਸ ਫੈਸਲੇ ਨੂੰ ਸੋਧਣ ਲਈ ਲੋਕ ਸਭਾ ਵਿਚ ਇਕ ਬਿੱਲ ਪੇਸ਼ ਕਰਨਾ ਚਾਹੀਦਾ ਹੈ, ਜਿਸ ਨਾਲ ਸਾਰੇ ਅਧਿਆਪਕਾਂ ਨੂੰ ਅਧਿਆਪਕ ਯੋਗਤਾ ਟੈਸਟ ਤੋਂ ਛੋਟ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਦੇ ਹਲਕੇ ਵਿਚ ਅਧਿਆਪਕ ਯੋਗਤਾ ਟੈਸਟ ਵਿਰੁੱਧ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਭਰ ਵਿਚ ਅੰਦੋਲਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਅਧਿਆਪਕਾਂ ਨੂੰ ਇਸ ਟੈਸਟ ਦੀ ਸ਼ਰਤ ਤੋਂ ਮੁਕਤ ਨਹੀਂ ਕੀਤਾ ਜਾਂਦਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ