JALANDHAR WEATHER

ਏ.ਆਈ. ਸੰਬੰਧੀ ਅੰਤਰਰਾਸ਼ਟਰੀ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)- ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਸੰਬੰਧੀ ਬੀਤੇ ਦਿਨੀਂ ਦਿੱਲੀ ਵਿਖੇ ਹੋਏ ਅੰਤਰਰਾਸ਼ਟਰੀ ਸੰਮੇਲਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਕੇ ਅੰਤਰਰਾਸ਼ਟਰੀ ਕੰਪਨੀਆਂ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਅਤੇ ਸਿੱਖ ਧਰਮ ਨਾਲ ਸੰਬੰਧਿਤ ਮਾਮਲਿਆਂ ਨੂੰ ਉਭਾਰਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਏ.ਆਈ. ਤਕਨੀਕ ਨਾਲ ਧਾਰਮਿਕ ਖੇਤਰ ਵਿਚਲੀ ਸਮੱਗਰੀ ਦੇ ਦੁਰਉਪਯੋਗ ਨੂੰ ਰੋਕਣ ਲਈ ਸੁਰੱਖਿਆ ਉਪਾਅ ਲਾਗੂ ਕਰਨ ਲਈ ਆਖਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ 16 ਫ਼ਰਵਰੀ ਤੋਂ 20 ਫ਼ਰਵਰੀ ਤੱਕ ਹੋਏ ਇਸ ਸੰਮੇਲਨ ਵਿਚ ਸ਼੍ਰੋਮਣੀ ਕਮੇਟੀ ਵਲੋਂ ਸਿਸਟਮ ਐਡਮਿਨਿਸਟਰੇਟਰ ਸ. ਕਰਮਵੀਰ ਸਿੰਘ ਦੀ ਅਗਵਾਈ ਹੇਠ ਨੁਮਾਦਿੰਦੇ ਸ਼ਾਮਿਲ ਹੋਏ ਸਨ। ਸ. ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਜਿਥੇ ਏ.ਆਈ. ਤਕਨੀਕ ਨਾਲ ਸਿੱਖ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਯਤਨਸ਼ੀਲ ਹੈ, ਉਥੇ ਹੀ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਡਾਟਾ ਬੈਂਕ ਤਿਆਰ ਕਰਨ ਲਈ ਵੀ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨੇ ਇਸ ਕਾਨਫ਼ਰੰਸ ਦੌਰਾਨ ਪ੍ਰਮੁੱਖ ਕੰਪਨੀਆਂ, ਜਿਨ੍ਹਾਂ ਵਿਚ ਗੂਗਲ, ਮੈਟਾ ਤੇ ਓਪਨ ਏ.ਆਈ. ਆਦਿ ਸ਼ਾਮਿਲ ਹਨ, ਦੇ ਅਧਿਕਾਰੀਆਂ ਨਾਲ ਰਾਬਤਾ ਕਰਦਿਆਂ ਆਪਣੇ ਸਿਸਟਮ ਵਿਚ ਅਜਿਹੇ ਕੀਵਰਡ ਸ਼ਾਮਿਲ ਕਰਨ ਲਈ ਆਖਿਆ, ਜਿਨ੍ਹਾਂ ਰਾਹੀਂ ਧਰਮ ਦੇ ਵਿਰੁੱਧ ਕਿਸੇ ਵੀ ਗਤੀਵਿਧੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਅਤੇ ਗੁਰਮੁੱਖੀ ਭਾਸ਼ਾ ਨਾਲ ਸੰਬੰਧਿਤ ਪ੍ਰਮਾਣਿਕ ਡਾਟਾ ਨੂੰ ਸ਼ਾਮਿਲ ਕਰਨ ਅਤੇ ਪਵਿੱਤਰ ਚਿੰਨਾਂ ਤੇ ਧਾਰਮਿਕ ਪਛਾਣ ਦੇ ਦੁਰਉਪਯੋਗ ਨੂੰ ਰੋਕਣ ਲਈ ਤਕਨੀਕੀ ਸੁਰੱਖਿਆ ਉਪਾਅ ਲਾਗੂ ਕਰਨ ਲਈ ਵੀ ਆਪਣੀ ਗੱਲ ਰੱਖੀ ਹੈ। ਸ. ਵਕਤਾ ਨੇ ਕਿਹਾ ਕਿ ਇਨ੍ਹਾਂ ਕੰਪਨੀਆਂ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਪੱਖ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਹਰ ਸੰਭਵ ਹੱਲ ਲਈ ਯਤਨਸ਼ੀਲ ਰਹਿਣ ਦਾ ਭਰੋਸਾ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ