JALANDHAR WEATHER

ਇਤਿਹਾਸਕ ਬਜਟ - ਬਿਨਾਂ ਕੋਈ ਨਵਾਂ ਟੈਕਸ ਲਗਾਏ ਮਹਿਲਾਵਾਂ, ਕਿਸਾਨਾਂ, ਨੌਜਵਾਨਾਂ ਅਤੇ ਉਦਯੋਗ ਨੂੰ ਦਿੱਤਾ ਨਵਾਂ ਵਿਸ਼ਵਾਸ: ਨੀਲ ਗਰਗ

ਸੰਗਰੂਰ, 8 ਮਾਰਚ ( ਧੀਰਜ ਪਸੌਰੀਆ )-ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਗਿਆ ਬਜਟ ਪੰਜਾਬ ਦੇ ਇਤਿਹਾਸ ਵਿਚ ਇਕ ਇਤਿਹਾਸਿਕ ਬਜਟ ਹੈ, ਜੋ ਖਾਸ ਤੌਰ 'ਤੇ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਵਿਚ ਨਵਾਂ ਭਰੋਸਾ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਮਾਨ ਸਰਕਾਰ ਨੇ ਬਿਨਾਂ ਕੋਈ ਨਵਾਂ ਟੈਕਸ ਲਗਾਏ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਬਜਟ ਪੇਸ਼ ਕੀਤਾ ਹੈ। ਨੀਲ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਬਣੀ ਹੈ, ਜਿਸ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਲੋਕਾਂ ਸਾਹਮਣੇ ਇਕ ਮਿਸਾਲ ਕਾਇਮ ਕੀਤੀ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਪ੍ਰਤੀ ਮਹੀਨਾ 1,000 ਦੀ ਸਨਮਾਨ ਰਾਸ਼ੀ ਦੇਣ ਦਾ ਫੈਸਲਾ ਇਕ ਇਤਿਹਾਸਿਕ ਕਦਮ ਹੈ, ਜਿਸ ਨਾਲ ਲੱਖਾਂ ਮਹਿਲਾਵਾਂ ਨੂੰ ਸਿੱਧਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਹੋਰ ਮਜ਼ਬੂਤ ਹੋਵੇਗੀ।
ਨੀਲ ਗਰਗ ਨੇ ਕਿਹਾ ਕਿ ਇਸ ਬਜਟ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਉਦਯੋਗਿਕ ਨੀਤੀ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਇਸ ਨਾਲ ਪੰਜਾਬ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਕਿਸਾਨਾਂ ਬਾਰੇ ਗੱਲ ਕਰਦਿਆਂ ਨੀਲ ਗਰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਹਿਰੀ ਪਾਣੀ ਦੀ ਸਪਲਾਈ ਵਿੱਚ ਇਤਿਹਾਸਿਕ ਸੁਧਾਰ ਕੀਤਾ ਹੈ ਅਤੇ ਅੱਜ ਲਗਭਗ 76 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਖੇਤੀ ਦੀ ਲਾਗਤ ਘਟੀ ਹੈ। ਇਸ ਦੇ ਨਾਲ ਹੀ ਖੇਤੀ ਦੇ ਬਜਟ ਵਿੱਚ ਵੀ ਚੋਖਾ ਵਾਧਾ ਕੀਤਾ ਗਿਆ ਹੈ। ਨੀਲ ਗਰਗ ਨੇ ਕਿਹਾ ਕਿ ਇਹ ਬਜਟ ਮਹਿਲਾਵਾਂ ਵਿੱਚ ਭਰੋਸਾ ਪੈਦਾ ਕਰਦਾ ਹੈ, ਉਦਯੋਗਪਤੀਆਂ ਨੂੰ ਨਿਵੇਸ਼ ਲਈ ਪ੍ਰੇਰਿਤ ਕਰਦਾ ਹੈ, ਨੌਜਵਾਨਾਂ ਨੂੰ ਰੁਜ਼ਗਾਰ ਦੀਆਂ ਨਵੀਆਂ ਸੰਭਾਵਨਾਵਾਂ ਦਿੰਦਾ ਹੈ ਅਤੇ ਕਿਸਾਨਾਂ ਨੂੰ ਮਜ਼ਬੂਤ ਕਰਦਾ ਹੈ। ਸਿਹਤ ਅਤੇ ਸਿੱਖਿਆ ਵਰਗੇ ਵਿਕਾਸ ਦੇ ਸਭ ਤੋਂ ਮਹੱਤਵਪੂਰਨ ਕਸਵੱਟੀਆਂ ਵਿੱਚ ਵੀ ਇਹ ਬਜਟ ਲੋਕਾਂ ਦਾ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ