ਬਿਜਲੀ ਸੋਧ ਬਿੱਲ ਅਤੇ ਹੋਰ ਮੰਗਾਂ ਨੂੰ ਲੈਕੇ ਬਿਜਲੀ ਮੁਲਾਜਮਾਂ ਨੇ ਕੀਤੀ ਗੇਟ ਰੈਲੀ
ਗੁਰੂਹਰਸਹਾਏ (ਫ਼ਿਰੋਜ਼ਪੁਰ), 10 ਮਾਰਚ (ਕਪਿਲ ਕੰਧਾਰੀ) – ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਸੰਸਦ ਵਿਚ ਪੇਸ਼ ਕਰਨ ਦੀਆਂ ਚਰਚਾਵਾਂ ਦੇ ਮੱਦੇਨਜ਼ਰ ਅੱਜ ਗੁਰੂਹਰਸਹਾਏ ਵਿਖੇ ਪਾਵਰਕਾਮ ਅਤੇ ਟਰਾਂਸਕੋ ਦੀਆਂ ਕੀਮਤੀ ਜਾਇਦਾਦਾਂ ਵੇਚਣ ਦੇ ਵਿਰੋਧ ਵਿਚ ਬਿਜਲੀ ਮੁਲਾਜ਼ਮਾਂ ਵਲੋਂ ਦਫ਼ਤਰ ਦੇ ਗੇਟ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਸ ਰੈਲੀ ਕੀਤੀ ਗਈ।
ਇਸ ਰੈਲੀ ਦੀ ਪ੍ਰਧਾਨਗੀ ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਪ੍ਰਧਾਨ ਸਾਥੀ ਸੁਰਿੰਦਰ ਕੁਮਾਰ ਨੇ ਕੀਤੀ। ਰੈਲੀ ਦੌਰਾਨ ਬੋਲਦੇ ਹੋਏ ਉਨ੍ਹਾਂ ਨੇ ਕੇਂਦਰ ਅਤੇ ਰਾਜ ਸਰਕਾਰ ਦੇ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਰਵੱਈਏ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਆਪਣੇ ਹੱਕਾਂ ਲਈ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਪੁਲਿਸ ਵਲੋਂ ਜਲ ਤੋਪਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਦੀ ਘਟਨਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ‘ਤੇ ਕੀਤਾ ਗਿਆ ਇਹ ਤਸ਼ੱਦਦ ਸਰਕਾਰ ਦੇ ਕਫ਼ਨ ਵਿਚ ਕਿੱਲ ਸਾਬਤ ਹੋਵੇਗਾ ਅਤੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ‘ਤੇ ਦਬਾਇਆ ਨਹੀਂ ਜਾ ਸਕਦਾ।
ਪ੍ਰਧਾਨ ਸੁਰਿੰਦਰ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਅਤੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਵਰਗ ਦੇ ਮਸਲੇ ਸ਼ਾਂਤੀਪੂਰਵਕ ਹੱਲ ਕੀਤੇ ਜਾਣਗੇ, ਪਰ ਸਰਕਾਰ ਦੇ ਲਗਭਗ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 16 ਫ਼ੀਸਦੀ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਮੁੱਦੇ ਨੂੰ ਵੀ ਜਾਣ-ਬੁੱਝ ਕੇ ਲਟਕਾਇਆ ਜਾ ਰਿਹਾ ਹੈ।ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਬਿਜਲੀ ਨਿਗਮ ਵਿਚ ਕਈ ਮੁਲਾਜ਼ਮਾਂ ਦੀਆਂ ਨਾਜਾਇਜ਼ ਬਦਲੀਆਂ ਸਿਆਸੀ ਬਦਲਾਖੋਰੀ ਦੇ ਤਹਿਤ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੇ ਇਸ ਮੁਲਾਜ਼ਮ ਮਾਰੂ ਰਵੱਈਏ ਅਤੇ ਬਿਜਲੀ ਐਕਟ 2025 ਨੂੰ ਲਾਗੂ ਕਰਨ ਦੇ ਵਿਰੋਧ ਵਿਚ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਪੂਰੇ ਪੰਜਾਬ ਵਿਚ ਸਬ ਡਵੀਜ਼ਨ ਪੱਧਰ ‘ਤੇ ਰੈਲੀਆਂ ਕਰਕੇ ਮੁਲਾਜ਼ਮ ਵਰਗ ਨੂੰ ਸੰਘਰਸ਼ ਲਈ ਲਾਮਬੰਧ ਕੀਤਾ ਜਾ ਰਿਹਾ ਹੈ।
;
;
;
;
;
;
;